- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ

ਦੀਪਕ ਅਗਨੀਹੋਤਰੀ/ਕਮਲ, ਪੰਜਾਬੀ ਜਾਗਰਣ, ਹੁਸ਼ਿਆਰਪੁਰ/ਹਰਿਆਣਾ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਕਮਿਊਨਿਟੀ ਹੈਲਥ ਸੈਂਟਰ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਹਸਪਤਾਲ ਜਲਦ ਬਣ ਕੇ ਤਿਆਰ ਹੋਵੇਗਾ ਜਿੱਥੇ ਇਲਾਕੇ ਦੇ 40 ਤੋਂ ਵੱਧ ਪਿੰਡਾਂ ਦੇ ਵਸਨੀਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ 9.18 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਮਿਊਨਿਟੀ ਹੈਲਥ ਸੈਂਟਰ ਵਿਚ 30 ਬੈੱਡਾਂ ਦੀ ਸਹੂਲਤ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬਾਰਟਰੀ, ਐਕਸ-ਰੇਅ, ਟੀਕਾਕਰਨ ਅਤੇ ਜੱਚਾ-ਬੱਚਾ ਆਦਿ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ। ਆਉਂਦੇ ਦੋ ਮਹੀਨਿਆਂ ਵਿਚ ਇਹ ਹਸਪਤਾਲ ਬਣ ਕੇ ਤਿਆਰ ਹੋ ਜਾਵੇਗਾ। ਲੰਘੇ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ 1600 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਇਲਾਜ ਦੀ ਸਹੂਲਤ ਪੰਜਾਬ ਦੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਭੂੰਗਾ ਐੱਸਐੱਮਓ ਡਾ. ਸੁਦੇਸ਼ ਰਾਜਨ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।