ਮੁਕੇਰੀਆਂ ’ਚ ਦੇਰ ਸ਼ਾਮ ਸਟਰੀਟ ਫੂਡ ਵਿਕਰੇਤਾਵਾਂ ਦੀ ਜਾਂਚ ਮੁਕੇਰੀਆਂ ਵਿਖੇ ਦੇਰ ਸ਼ਾਮ ਸਟ੍ਰੀਟ ਫੂਡ ਵਿਕਰੇਤਾਵਾਂ ਦੀ ਜਾਂਚ
Publish Date: Tue, 22 Sep 2026 06:31 PM (IST)
Updated Date: Tue, 22 Sep 2026 06:33 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਅਫ਼ਸਰ ਮੁਨੀਸ਼ ਸੋਢੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੁਕੇਰੀਆਂ ਵਿਖੇ ਮੱਕੜ ਸਕੂਲ ਦੇ ਨੇੜੇ ਦੇਰ ਸ਼ਾਮ ਵੱਖ-ਵੱਖ ਸਟਰੀਟ ਫੂਡ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਮਿਆਦ ਪੁੱਗਣ ਦੀ ਤਾਰੀਖ ਤੋਂ ਬਿਨਾਂ ਮੇਅਨੀਜ਼ ਅਤੇ ਨੂਡਲਜ਼ ਮਿਲਣ ’ਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਫੂਡ ਸੇਫਟੀ ਅਫ਼ਸਰ ਮੁਨੀਸ਼ ਸੋਢੀ ਨੇ ਵਿਕਰੇਤਾਵਾਂ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਨੂਡਲਜ਼, ਚਟਣੀਆਂ, ਸਾਸਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਲੋੜ ਤੋਂ ਵੱਧ ਜਾਂ ਅਣਅਧਿਕਾਰਤ ਖਾਣ ਵਾਲੇ ਰੰਗਾਂ ਦੀ ਵਰਤੋਂ ਨਾ ਕੀਤੀ ਜਾਵੇ, ਇਹ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ, ਰੇਹੜੀਆਂ ਅਤੇ ਸਟ੍ਰੀਟ ਫੂਡ ਵਿਕਰੇਤਾਵਾਂ ਦੀ ਜਾਂਚ ਲਗਾਤਾਰ ਜਾਰੀ ਰਹੇਗੀ।