ਡੇਂਗੂ ਸਮੇਤ ਬਿਮਾਰੀਆਂ ਦੀ ਰੋਕਥਾਮ ਲਈ ਤਾਲਮੇਲ ਵਧਾਉਣ ਦੀ ਹਦਾਇਤ ਡੇਂਗੂ ਸਮੇਤ ਬਿਮਾਰੀਆਂ ਦੀ ਰੋਕਥਾਮ ਲਈ ਤਾਲਮੇਲ ਵਧਾਉਣ ਦੀ ਹਦਾਇਤ
Publish Date: Thu, 24 Sep 2026 06:36 PM (IST)
Updated Date: Thu, 24 Sep 2026 06:39 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਏਡੀਸੀ ਰਾਕੇਸ਼ ਕੁਮਾਰ ਮੀਨਾ ਦੀ ਪ੍ਰਧਾਨਗੀ ਹੇਠ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਓਐੱਸਡੀ ਟੂ ਡਿਪਟੀ ਕਮਿਸ਼ਨਰ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ, ਡੀਡੀਪੀਓ ਸੰਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਅਤੇ ਵੱਖ-ਵੱਖ ਇੰਟਰਸੈਕਟੋਰਲ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਡਾ. ਜਗਦੀਪ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਦੀ ਸਥਿਤੀ ਅਤੇ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਸਰਵੇ, ਲਾਰਵਾ ਚੈਕਿੰਗ, ਲਾਰਵੀਸਾਈਡ, ਫੋਗਿੰਗ ਅਤੇ ਜਾਗਰੂਕਤਾ ਸਰਗਰਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਰਾਕੇਸ਼ ਕੁਮਾਰ ਮੀਨਾ ਵੱਲੋਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਅਤੇ ਹਫਤੇ ਵਿੱਚ ਇੱਕ ਵਾਰ ਵੀਡੀਓ ਕਲਿਪ ਰਾਹੀਂ ਡੇਂਗੂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ। ਵੱਖ-ਵੱਖ ਇੰਟਰਸੈਕਟੋਰਲ ਵਿਭਾਗਾਂ ਨੂੰ ਆਪਣੇ ਅਧੀਨ ਆਉਂਦੇ ਦਫ਼ਤਰਾਂ, ਸੰਸਥਾਵਾਂ ਅਤੇ ਜਨਤਕ ਥਾਵਾਂ ਵਿੱਚ ਡੇਂਗੂ ਰੋਕਥਾਮ ਸਰਗਰਮੀਆਂ ਦੀ ਸਮੀਖਿਆ ਕਰਨ ਲਈ ਕਿਹਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਜਾਂ ਡੇਂਗੂ ਦੇ ਲੱਛਣ ਹੋਣ ਦੀ ਸੂਰਤ ਵਿੱਚ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ।