- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਵਧੀਕ ਡਿਪਟੀ ਕਮਿਸ਼ਨਰ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਨੇ ਸਬੰਧਿਤ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪੀਐੱਮ ਰਾਹਤ ਯੋਜਨਾ ਦਾ ਲਾਭ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਰਾਹਵੀਰ ਸਕੀਮ ਤਹਿਤ ਹਾਦਸੇ ਦੇ 60 ਮਿੰਟਾਂ ਦੇ ਅੰਦਰ-ਅੰਦਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ 25 ਹਜ਼ਾਰ ਰੁਪਏ ਨਕਦ ਅਤੇ ਹੌਂਸਲਾ ਅਫਜਾਈ ਦਾ ਪੱਤਰ ਵੀ ਦਿੱਤਾ ਜਾਂਦਾ ਹੈ। ਫਰਿਸ਼ਤੇ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਲਈ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ।
ਇਸ ਮੌਕੇ ਆਰਟੀਓ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 58 ਹਾਦਸੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 46 ਗੰਭੀਰ ਸਨ। ਇਨ੍ਹਾਂ ਪੀੜਤਾਂ ਦੀ ਸਮੇਂ ਸਿਰ ਮਦਦ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਗਏ। ਰਾਕੇਸ਼ ਕੁਮਾਰ ਮੀਨਾ ਨੇ ਦੱਸਿਆ ਕਿ ਸਰਕਾਰ ਦੀ ਯੋਜਨਾ ਅਨੁਸਾਰ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ, ਐੱਫਆਈਆਰ ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾ ਕੇ ਦਾਖ਼ਲ ਕਰਵਾਉਣ ਵਾਲੇ ਤੁਰੰਤ ਉੱਥੋਂ ਜਾ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ਸੁਰੱਖਿਆ ਜਾਗਰੂਕਤਾ ਹਫਤੇ ਮਨਾਉਣ ਦੇ ਨਾਲ-ਨਾਲ ਸਕੂਲੀ ਬੱਸਾਂ ਦੀ ਚੈਕਿੰਗ ਜਾਰੀ ਹੈ ਅਤੇ ਕਿਸੇ ਕਿਸਮ ਦੀ ਲਾਪਰਵਾਹੀ ਪਾਏ ਜਾਣ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।