ਝੋਨੇ ਦੀ ਖ਼ਰੀਦ ਨੂੰ ਲੈ ਕੇ ਡਿਪਟੀ ਸਪੀਕਰ ਰੌੜੀ ਨੇ ਸੈਲਾ ਖੁਰਦ ਮੰਡੀ ਦਾ ਲਿਆ ਜਾਇਜ਼ਾ ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਸਪੀਕਰ ਰੌੜੀ ਨੇ ਸੈਲਾ ਖੁਰਦ ਮੰਡੀ ਦਾ ਲਿਆ ਜਾਇਜਾ
Publish Date: Sun, 04 Oct 2026 05:26 PM (IST)
Updated Date: Sun, 04 Oct 2026 05:29 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਹਲਕਾ ਗੜ੍ਹਸ਼ੰਕਰ ਦੇ ਪਿੰਡ ਸੈਲਾ ਖੁਰਦ ਵਿਖੇ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਝੋਨੇ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਅਤੇ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੰਡੀ ਵਿੱਚ ਫ਼ਸਲ ਦੀ ਆਮਦ, ਖਰੀਦ ਪ੍ਰਬੰਧ, ਫ਼ਸਲ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਬੰਧਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸਾਨ ਆਪਣੀ ਫ਼ਸਲ ਬਿਨਾਂ ਕਿਸੇ ਪਰੇਸ਼ਾਨੀ ਦੇ ਮੰਡੀ ਵਿੱਚ ਵੇਚ ਸਕਣ। ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਖਰੀਦ ਪ੍ਰਕਿਰਿਆ ਨਾਲ ਸਬੰਧਿਤ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦੀ ਖਰੀਦ ਨੂੰ ਲੈ ਕੇ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦਫ਼ਤਰ ਤੋਂ ਚੇਅਰਮੈਨ ਬਲਦੀਪ ਸਿੰਘ ਸੈਣੀ, ਇੰਦਰਜੀਤ ਸਿੰਘ ਬਰਿਆਣਾ ਜਿਲ੍ਹਾਂ ਪ੍ਰੀਸ਼ਦ ਮੈਂਬਰ, ਵਰਿੰਦਰ ਕੁਮਾਰ ਸਕੱਤਰ ਅਤੇ ਸਰਕਾਰੀ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀ/ਕਰਮਚਾਰੀ ਅਤੇ ਇਸ ਤੋਂ ਇਲਾਵਾ ਆੜ੍ਹਤੀ ਅਤੇ ਜ਼ਿਮੀਂਦਾਰ ਹਾਜ਼ਰ ਸਨ।