ਕਾਮਰੇਡਾਂ ਨੇ ਮੰਗਾਂ ਸਬੰਧੀ ਵਿਧਾਇਕ ਦੇ ਘਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ ਕਾਮਰੇਡਾਂ ਆਪਣੀਆ ਮੰਗਾਂ ਸਬੰਧੀ ਵਿਧਾਇਕ ਦੇ ਘਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
Publish Date: Sun, 04 Oct 2026 05:53 PM (IST)
Updated Date: Sun, 04 Oct 2026 05:56 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਵੱਲੋਂ ਕਿਰਤੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਦੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਇੱਕ ਮੰਗ ਪੱਤਰ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੂੰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਨੇਕ ਸਿੰਘ ਭੱਜਲ ਅਤੇ ਦਸੂਹਾ ਤਹਿਸੀਲ ਸਕੱਤਰ ਰਣਜੀਤ ਸਿੰਘ ਚੌਹਾਨ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਾਮਰੇਡਾਂ ਨੇ ਵਿਧਾਇਕ ਰਾਜਾ ਗਿੱਲ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਏ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਗੁਲਾਮ ਬਣਾਉਣ ਵਾਲੇ ਚਾਰ ਲੇਬਰ ਕੋਡ, ਵੀਬੀ ਗ੍ਰਾਮ ਯੋਜਨਾ ਵਾਪਸ ਕਰਨ, ਮੁਕਤ ਵਪਾਰ ਸੰਧੀ, ਖੇਤੀ ਫ਼ਸਲਾਂ ਲਈ ਐੱਮਐੱਸਪੀ ਲਾਗੂ ਕਰਨ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ ਸਬੰਧੀ ਕਿਰਤੀ ਮਜ਼ਦੂਰਾਂ ਅਤੇ ਕਿਸਾਨਾਂ ਦੀ ਆਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਤੇ ਪੰਜਾਬ ਸਰਕਾਰ ਵੱਲੋਂ ਕਾਨੂੰਨਾਂ ਵਿੱਚ ਸੋਧ ਕਰਨ ਅਤੇ ਪੰਜਾਬ ਦੀਆਂ ਹੋਰ ਮੰਗਾਂ ਲਈ ਮੰਗ ਪੱਤਰ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਸੌਂਪੇ ਗਏ ਹਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਗੁਰਮੇਸ਼ ਸਿੰਘ, ਦਸੂਹਾ ਤਹਿਸੀਲ ਸਕੱਤਰ ਰਣਜੀਤ ਸਿੰਘ ਚੌਹਾਨ, ਸ਼ਿਵ ਕੁਮਾਰ ਮਨਜੀਤ ਕੌਰ ਭੱਟੀਆਂ, ਰੀਨਾ ਰਾਣੀ ਯਸ਼ਪਾਲ ਸਿੰਘ ਚੰਚਲ ਸਿੰਘ, ਕੁਲਵਿੰਦਰ ਕੌਰ, ਸੁਰਿੰਦਰ ਕੌਰ, ਕੁਲਦੀਪ ਕੌਰ ਅਤੇ ਹੋਰ ਮੌਜੂਦ ਸਨ।