ਚੁਣੀ ਹੋਈ ਪੰਚਾਇਤ ’ਤੇ ਕਬਜ਼ੇ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਸਰਕਾਰ : ਅਕਾਲੀ ਆਗੂ ਚੁਣੀ ਹੋਈ ਪੰਚਾਇਤ ’ਤੇ ਕਬਜ਼ੇ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਸਰਕਾਰ : ਅਕਾਲੀ ਆਗੂ
Publish Date: Tue, 06 Oct 2026 05:33 PM (IST)
Updated Date: Tue, 06 Oct 2026 05:35 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੱਤਾ ਦੇ ਨਸ਼ੇ ਵਿੱਚ ਸਰਕਾਰ ਵੱਲੋਂ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸਰਕਾਰੀ ਮਸ਼ੀਨਰੀ ਦੀ ਕਥਿਤ ਤੌਰ ’ਤੇ ਸਿਆਸੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਲਕਾ ਸ਼ਾਮ ਚੁਰਾਸੀ ਦੇ ਪਿੰਡ ਕੱਕੋ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਇਲਾਕੇ ਦੇ ਵਿਧਾਇਕ ਅਤੇ ਮੰਤਰੀ ਡਾ. ਰਵਜੋਤ ਵੱਲੋਂ ਕਥਿਤ ਤੌਰ ’ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਜਦੋਂ ਚੁਣੀ ਹੋਈ ਪੰਚਾਇਤ ਨੇ ਸਿਆਸੀ ਦਬਾਅ ਅੱਗੇ ਝੁਕਣ ਤੋਂ ਇਨਕਾਰ ਕੀਤਾ ਤਾਂ ਕਥਿਤ ਤੌਰ ’ਤੇ ਸਰਕਾਰੀ ਤੰਤਰ ਨੂੰ ਪੰਚਾਇਤ ਵਿਰੁੱਧ ਵਰਤ ਕੇ ਆਪਣੇ ਹੀ ਡਾਇਰੈਕਟਰ ਦੇ ਆਰਡਰਾਂ ਨੂੰ ਦਰਕਿਨਾਰ ਕਰ ਕੇ ਪਿੰਡ ਕੱਕੋ ਵਿੱਚ ਪ੍ਰਬੰਧਕ ਲਗਾ ਦਿੱਤਾ। ਅਧਿਕਾਰੀ ਯਾਦ ਰੱਖਣ ਕਿ ਸਰਕਾਰਾਂ ਪੰਜ ਸਾਲ ਲਈ ਹੁੰਦੀਆਂ ਹਨ, ਪਰ ਕਾਨੂੰਨ ਅਤੇ ਸੰਵਿਧਾਨਕ ਸੰਸਥਾਵਾਂ ਸਥਾਈ ਹੁੰਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਪਿੰਡ-ਪਿੰਡ ਜਾ ਕੇ ਸਰਕਾਰ ਦੀ ਇਸ ਕਥਿਤ ਧੱਕੇਸ਼ਾਹੀ ਨੂੰ ਲੋਕਾਂ ਸਾਹਮਣੇ ਬੇਨਕਾਬ ਕਰੇਗਾ। ਹਲਕਾ ਸ਼ਾਮ ਚੁਰਾਸੀ ਦੇ ਇੰਚਾਰਜ ਸੰਦੀਪ ਸੀਕਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਡਰਾਉਣ-ਧਮਕਾਉਣ ਦਾ ਦੌਰ ਜ਼ਿਆਦਾ ਦੇਰ ਨਹੀਂ ਚੱਲ ਸਕਦਾ। ਜੇਕਰ ਪੰਚਾਇਤ ਦੇ ਮਾਣ-ਸਨਮਾਨ ਅਤੇ ਲੋਕਤੰਤਰਿਕ ਅਧਿਕਾਰਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਪਿੰਡ ਕੱਕੋ ਦੀ ਪੰਚਾਇਤ ਨਾਲ ਹੋਈਆਂ ਕਾਰਵਾਈਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਸਿਆਸੀ ਵਿਅਕਤੀ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬਾਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਭਾਰਦਵਾਜ, ਜਨਰਲ ਸਕੱਤਰ ਇੰਦਰਜੀਤ ਸਿੰਘ ਕੰਗ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਧੁੱਗਾ, ਮਨਪ੍ਰੀਤ ਸੰਧੂ, ਗੁਰਪ੍ਰੀਤ ਕੋਹਲੀ ਸਮੇਤ ਹੋਰ ਅਕਾਲੀ ਆਗੂ ਆਦਿ ਹਾਜ਼ਰ ਸਨ।