ਡੀਐੱਫਐੱਸਸੀ ਨੇ ਦਾਣਾ ਮੰਡੀ ਟਾਂਡਾ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਡੀਐੱਫਐੱਸਸੀ ਨੇ ਦਾਣਾ ਮੰਡੀ ਟਾਂਡਾ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Sat, 10 Oct 2026 03:57 PM (IST)
Updated Date: Sat, 10 Oct 2026 03:59 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ ਟਾਂਡਾ ਉੜਮੁੜ : ਟਾਂਡਾ ਦੀ ਦਾਣਾ ਮੰਡੀ ਅਤੇ 8 ਸਹਾਇਕ ਮੰਡੀਆਂ ਵਿੱਚ ਹੋ ਰਹੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀਐੱਫਐੱਸਸੀ ਹੁਸ਼ਿਆਰਪੁਰ ਨਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਆਏ ਝੋਨੇ ਦੀ ਫ਼ਸਲ ਵਿੱਚ ਨਮੀ ਦੀ ਜਾਂਚ ਕਰਵਾਈ ਅਤੇ ਖਰੀਦ ਪ੍ਰਕਿਰਿਆ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਉਨ੍ਹਾਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡੀਐੱਫਐੱਸਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਟਾਂਡਾ ਮੰਡੀ ਅਤੇ ਇਸ ਦੀਆਂ ਸਹਾਇਕ ਮੰਡੀਆਂ ਵਿੱਚ ਹੁਣ ਤੱਕ 2,37,466 ਕੁਇੰਟਲ ਝੋਨੇ ਦੀ ਖਰੀਦ ਹੋ ਚੁੱਕੀ ਹੈ, ਜਦਕਿ 23,610 ਕੁਇੰਟਲ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਝੋਨੇ ਦੀ ਲਿਫਟਿੰਗ ਵੀ ਜਲਦੀ ਕਰਵਾ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਰੱਖਣ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ 17 ਫ਼ੀਸਦੀ ਤੱਕ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ। ਕਿਸਾਨ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਮੰਡੀ ਵਿੱਚ ਲਿਆਉਣ। ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਾਲੋ-ਨਾਲ ਕੀਤੀ ਜਾ ਰਹੀ ਹੈ ਅਤੇ ਫ਼ਿਲਹਾਲ ਕਿਸੇ ਵੀ ਕਿਸਾਨ ਦੀ ਅਦਾਇਗੀ ਬਕਾਇਆ ਨਹੀਂ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਹਰ ਮੰਡੀ ਵਿੱਚ ਨਿਗਰਾਨੀ ਕਰ ਰਹੀਆਂ ਹਨ ਤਾਂ ਜੋ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਵੱਲੋਂ ਕਿਸਾਨਾਂ ਦੀ ਫ਼ਸਲ ਵਿੱਚੋਂ ਕਿਸੇ ਕਿਸਮ ਦੀ ਕਟੌਤੀ ਨਾ ਕੀਤੀ ਜਾ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ, ਇੰਸਪੈਕਟਰ ਨਵਨੀਤ ਸਿੰਘ, ਪਨਗ੍ਰੇਨ ਇੰਸਪੈਕਟਰ ਹਰਮੀਤ ਸਿੰਘ, ਮੰਡੀ ਸੁਪਰਵਾਈਜ਼ਰ ਨਵਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।