ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਪਦਮਸ਼੍ਰੀ ਸ਼ੰਟੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ
Publish Date: Sat, 10 Oct 2026 05:25 PM (IST)
Updated Date: Sat, 10 Oct 2026 05:26 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਸ਼ਨਿੱਚਰਵਾਰ ਨੂੰ ਹਲਕਾ ਮੁਕੇਰੀਆਂ ਦੇ ਇੱਕ ਨਿੱਜੀ ਪੈਲੇਸ ਵਿੱਚ ਲਗਾਏ ਗਏ ਖੁੱਲ੍ਹੇ ਸੁਣਵਾਈ ਕੈਂਪ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ ਅਤੇ ਇਨ੍ਹਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਂਪ ਦੌਰਾਨ ਪੁਲਿਸ, ਸਿਹਤ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਦੇ ਕੰਮਕਾਜ ਦਾ ਮਨੁੱਖੀ ਅਧਿਕਾਰਾਂ ਦੇ ਨਜ਼ਰੀਏ ਤੋਂ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਮੇਂ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ। ਲਾਵਾਰਿਸ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਿਤ ਮ੍ਰਿਤਕਾਂ ਦੀ ਦੇਹ ਦਾ ਸਨਮਾਨਜਨਕ ਪ੍ਰਬੰਧ ਕਰਨ ਦੇ ਨਾਲ ਲੋੜਵੰਦਾਂ ਲਈ ਮੁਫ਼ਤ ਜਾਂ ਸਹਾਇਤਾ ਨਾਲ ਅੰਤਿਮ ਸੰਸਕਾਰ ਦੀ ਵਿਵਸਥਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਂ ਬੇਇਨਸਾਫ਼ੀ ਹੋਣ ’ਤੇ ਲਿਖਤੀ ਸ਼ਿਕਾਇਤ ਕਮਿਸ਼ਨ ਤੱਕ ਪਹੁੰਚਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਭਰੋਸਾ ਦਿਵਾਇਆ ਕਿ ਖੁੱਲ੍ਹੀ ਸੁਣਵਾਈ ਦੌਰਾਨ ਲੋਕਾਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਸਬੰਧਿਤ ਵਿਭਾਗਾਂ ਰਾਹੀਂ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਵਾਇਆ ਜਾਵੇਗਾ। ਇਸ ਮੌਕੇ ਐੱਸਪੀ ਨਵਨੀਤ ਕੌਰ, ਐੱਸਡੀਐੱਮ ਮੁਕੇਰੀਆਂ ਜਯੋਤਸਨਾ, ਕਮਿਸ਼ਨ ਦੇ ਮੈਂਬਰ ਦੇ ਸਕੱਤਰ ਬਲਦੇਵ ਸਿੰਘ, ਗੁਰਬਖ਼ਸ਼ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।