- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਕੀਤਾ ਰੋਸ ਪ੍ਰਦਰਸ਼ਨ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਬਲਾਕ ਕਾਂਗਰਸ ਕਮੇਟੀ ਮੁਕੇਰੀਆਂ ਦੇ ਪ੍ਰਧਾਨ ਰਵਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮਹਾਰਾਣਾ ਪ੍ਰਤਾਪ ਚੌਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਉਠਾਏ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਮੁੱਖ ਚੋਣ ਕਮਿਸ਼ਨਰ ਦੀ ਕਥਿਤ ਮਿਲੀਭੁਗਤ ਨਾਲ ਵੋਟਾਂ ਦੀ ਚੋਰੀ ਕਰਕੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਚੋਣ ਪ੍ਰਕਿਰਿਆ ’ਤੇ ਸਵਾਲ ਉੱਠਦੇ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚਾਈ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ। ਹਰੇਕ ਨਾਗਰਿਕ ਦੀ ਵੋਟ ਦਾ ਸਨਮਾਨ ਯਕੀਨੀ ਬਣਾਉਣਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਸਬੰਧੀ ਉਠਾਏ ਜਾ ਰਹੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਜਾਣ ਅਤੇ ਲੋਕਤੰਤਰੀ ਸੰਸਥਾਵਾਂ ਦੀ ਭਰੋਸੇ ਯੋਗਤਾ ਕਾਇਮ ਰੱਖਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਲੋਕਾਂ ਦੇ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਇੰਦੂ ਬਾਲਾ, ਸੀਨੀਅਰ ਕਾਂਗਰਸੀ ਆਗੂ ਸੁਨੀਲ ਕੁਮਾਰ ਮਹੰਤ, ਬਿੱਟੂ ਵਾਲੀਆ, ਪ੍ਰਭਾਕਰ ਸਿੰਘ, ਮਸਤਾਨ ਸਿੰਘ ਡੱਡ, ਪ੍ਰੇਮ ਚੰਦ ਸੈਣੀ, ਨਿਰਮਲ ਕੌਰ, ਬੰਟੀ ਸਿੰਘ, ਰਾਜੇਸ਼ਵਰ ਵਰਮਾ, ਡਾ. ਪਿੰਕੀ ਆਦਿ ਹਾਜ਼ਰ ਸਨ।