ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਭਾਜਪਾ ਹੁਸ਼ਿਆਰਪੁਰ ਵੱਲੋਂ ਰੋਸ ਪ੍ਰਦਰਸ਼ਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਹੁਸ਼ਿਆਰਪੁਰ ਵੱਲੋਂ ਰੋਸ ਪ੍ਰਦਰਸ਼ਨ
Publish Date: Wed, 14 Oct 2026 05:58 PM (IST)
Updated Date: Wed, 14 Oct 2026 06:00 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਸੱਦੇ ’ਤੇ ਬੁੱਧਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੇ ਕੀਤੀ। ਇਸ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪ ਕੇ ਇਸ ਕਤਲ ਕਾਂਡ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਭਾਜਪਾ ਨੇ ਮੰਗ ਪੱਤਰ ਵਿੱਚ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। 13 ਅਕਤੂਬਰ ਨੂੰ ਉਨ੍ਹਾਂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਜਪਾ ਨੇ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇ ਤਾਂ ਜੋ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋ ਸਕੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾ ਸਕੇ। ਮਾਮਲੇ ਨਾਲ ਸਬੰਧਿਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ। ਇਸ ਦੇ ਨਾਲ ਹੀ ਪੀੜਤ ਪਰਿਵਾਰ, ਖ਼ਾਸ ਕਰ ਕੇ ਮ੍ਰਿਤਕ ਦੇ ਨਾਬਾਲਿਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਭਾਜਪਾ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਉਸ ਨੂੰ ਕਥਿਤ ਤੌਰ ’ਤੇ ਮਿਲ ਰਹੀ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।