- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਹਾਜੀਪੁਰ ਬੰਦ, ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਦੀ ਮੰਗ

ਦੇਸ ਰਾਜ, ਪੰਜਾਬੀ ਜਾਗਰਣ, ਤਲਵਾੜਾ : ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਕੱਲ੍ਹ ਕਸਬਾ ਹਾਜੀਪੁਰ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜਿਕ-ਧਾਰਮਿਕ ਸੰਗਠਨਾਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਵਿਰੁੱਧ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਅੰਦਰ ਰੋਸ ਮਾਰਚ ਕੱਢਣ ਉਪਰੰਤ ਮੁਕੇਰੀਆਂ-ਤਲਵਾੜਾ ਸੰਪਰਕ ਮਾਰਗ ’ਤੇ ਚੱਕਾ ਜਾਮ ਕਰ ਕੇ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਅਮਰਜੀਤ ਸਿੰਘ ਢਾਡੇਕਟਵਾਲ, ਸ਼੍ਰੋਮਣੀ ਅਕਾਲੀ ਦਲ ਦੇ ਲਖਵਿੰਦਰ ਸਿੰਘ ਟਿੰਮੀ, ਭਾਰਤੀ ਜਨਤਾ ਪਾਰਟੀ ਦੇ ਅਨਿਲ ਵਸ਼ਿਸ਼ਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਿਸ਼ੋਰੀ ਲਾਲ, ਪੱਗੜੀ ਸੰਭਾਲ ਲਹਿਰ ਪੰਜਾਬ ਦੇ ਅਜਾਇਬ ਸਿੰਘ, ਬੀਕੇਯੂ ਦੇ ਲਖਵੀਰ ਸਿੰਘ, ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਅਤੇ ਗੁਰਦੇਵ ਸਿੰਘ ਪੱਡਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਦੁੱਖ ਝੱਲਣਾ ਪੈ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਬੇਹੱਦ ਚਿੰਤਾਜਨਕ ਹੈ। ਅਜਿਹੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਸਿਰਫ਼ ਐਲਾਨਾਂ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਵਿਜੇ ਥਾਪਰ, ਪ੍ਰੀਤਮ ਸਿੰਘ ਸਰਪੰਚ, ਜਥੇਦਾਰ ਕਿਰਪਾਲ ਸਿੰਘ ਗੇਰਾ, ਖੜਕ ਸਿੰਘ ਸਿੱਬੋਚੱਕ, ਅਮਰਜੀਤ ਸਿੰਘ ਸੰਘੇੜਾ, ਬਿਕਰਮ ਠਾਕੁਰ, ਸਵਿੰਦਰ ਸਿੰਘ, ਕੇਹਰ ਸਿੰਘ, ਦਲੇਰ ਸਿੰਘ, ਡਾ. ਸਤਿੰਦਰ ਸਿੰਘ ਖਿਜ਼ਰਪੁਰ, ਵਿੱਕੀ ਸੁਨੇਹੜਾ ਅਤੇ ਪੰਮਾ ਹਾਜੀਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।