- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
60 ਦਿਨਾਂ ’ਚ ਨਸ਼ੇ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਲਈ ਅਧਿਕਾਰੀ ਵਿਸ਼ੇਸ਼ ਯੋਜਨਾ ਬਣਾਉਣ: ਡੀਸੀ ਆਸ਼ਿਕਾ ਜੈਨ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹੇ ਵਿੱਚ ਨਸ਼ਾ ਪ੍ਰਭਾਵਿਤ ਵਜੋਂ ਚਿੰਨ੍ਹਿਤ ਹੌਟਸਪੌਟ ਖੇਤਰਾਂ ਵਿੱਚ ਸੁਧਾਰ ਲਿਆਉਣ ਅਤੇ ਨਸ਼ੇ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਰੇਕ ਹੌਟਸਪੌਟ ਦੀ ਅਸਲ ਸਥਿਤੀ, ਸਥਾਨਕ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵਿਸਥਾਰਪੂਰਵਕ ਮੁਲਾਂਕਣ ਕਰਦਿਆਂ ਅਗਲੇ 60 ਦਿਨਾਂ ਲਈ ਠੋਸ, ਵਿਹਾਰਕ ਅਤੇ ਨਤੀਜਾਮੁਖੀ ਕਾਰਜਯੋਜਨਾ ਤਿਆਰ ਕੀਤੀ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਿਤ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀਸੀਟੀਵੀ ਕੈਮਰੇ ਲਗਾਉਣ, ਸਟਰੀਟ ਲਾਈਟਾਂ ਦੀ ਵਿਵਸਥਾ ਅਤੇ ਖੇਤਰ ਦੇ ਸੁੰਦਰੀਕਰਨ ਵਰਗੇ ਜ਼ਰੂਰੀ ਕੰਮਾਂ ਦੇ ਨਾਲ-ਨਾਲ ਨਸ਼ੇ ਦੀ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਅਤੇ ਵਿਹਾਰਕ ਕਦਮ ਵੀ ਮਾਈਕ੍ਰੋਪਲਾਨ ਵਿੱਚ ਸ਼ਾਮਲ ਕੀਤੇ ਜਾਣ।
ਹਰੇਕ ਹੌਟਸਪੌਟ ਲਈ ਤਿਆਰ ਕੀਤੀ ਜਾਣ ਵਾਲੀ ਕਾਰਜਯੋਜਨਾ ਵਿੱਚ ਅਗਲੇ 60 ਦਿਨਾਂ ਦੌਰਾਨ ਕੀਤੇ ਜਾਣ ਵਾਲੇ ਕੰਮਾਂ, ਪ੍ਰਸਤਾਵਿਤ ਉਪਰਾਲਿਆਂ ਅਤੇ ਉਮੀਦ ਕੀਤੇ ਜਾਣ ਵਾਲੇ ਨਤੀਜਿਆਂ ਦਾ ਸਪੱਸ਼ਟ ਜ਼ਿਕਰ ਹੋਣਾ ਚਾਹੀਦਾ ਹੈ। ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ੇ ਨਾਲ ਜੁੜੀਆਂ ਸਰਗਰਮੀਆਂ ਦੀ ਰੋਕਥਾਮ, ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਅਤੇ ਲੋੜੀਂਦੀ ਕਾਰਵਾਈ ਲਈ ਸਪੱਸ਼ਟ ਅਤੇ ਵਿਹਾਰਕ ਉਪਾਅ ਪ੍ਰਸਤਾਵਿਤ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਓਐੱਸਡੀ (ਸ਼ਹਿਰੀ ਮਾਮਲੇ) ਓਏਸ਼ੀ ਮੰਡਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।