ਪੰਜਾਬ ਬੰਦ ਦੌਰਾਨ ਕਸਬਾ ਭੰਗਾਲਾ ’ਚ ਨੈਸ਼ਨਲ ਹਾਈਵੇ ’ਤੇ ਚੱਕਾ ਜਾਮ ਪੰਜਾਬ ਬੰਦ ਦੌਰਾਨ ਕਸਬਾ ਭੰਗਾਲਾ ’ਚ ਨੈਸ਼ਨਲ ਹਾਈਵੇ ’ਤੇ ਚੱਕਾ ਜਾਮ
Publish Date: Thu, 15 Oct 2026 05:05 PM (IST)
Updated Date: Thu, 15 Oct 2026 05:06 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਭੰਗਾਲਾ ਵਿਖੇ ਭਰਵਾਂ ਹੁੰਗਾਰਾ ਮਿਲਿਆ। ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਤੇਜ਼ ਮੀਂਹ ਦੇ ਬਾਵਜੂਦ ਕਸਬੇ ਵਿੱਚ ਕੌਮੀ ਰਾਜ ਮਾਰਗ ’ਤੇ ਚੱਕਾ ਜਾਮ ਕਰ ਕੇ ਰੋਸ ਮੁਜ਼ਾਹਰਾ ਕੀਤਾ। ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਦੇ ਬਾਵਜੂਦ ਪ੍ਰਦਰਸ਼ਨ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ। ਪ੍ਰਦਰਸ਼ਨਕਾਰੀਆਂ ਨੇ ਐਂਬੂਲੈਂਸਾਂ ਅਤੇ ਹੋਰ ਐਮਰਜੈਂਸੀ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ। ਬੰਦ ਦੇ ਸੱਦੇ ਨੂੰ ਕਈ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਵਪਾਰਕ ਸੰਗਠਨਾਂ ਨੇ ਸਮਰਥਨ ਦਿੱਤਾ। ਇਸ ਦੇ ਨਾਲ ਹੀ ਕਈ ਨਿੱਜੀ ਵਿੱਦਿਅਕ ਅਦਾਰਿਆਂ ਵੱਲੋਂ ਵੀ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਦੋਆਬਾ ਕਿਸਾਨ ਕਮੇਟੀ ਦੇ ਸਰਕਲ ਪ੍ਰਧਾਨ ਅਵਤਾਰ ਸਿੰਘ ਬੌਬੀ, ਬਲਜੀਤ ਸਿੰਘ ਛੰਨੀ ਨੰਦ ਸਿੰਘ, ਦਲਜੀਤ ਸਿੰਘ ਮੰਝਪੁਰ, ਪੱਗੜੀ ਸੰਭਾਲ ਲਹਿਰ ਪੰਜਾਬ ਦੇ ਗੁਰਨਾਮ ਸਿੰਘ ਜਹਾਨਪੁਰ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਦੇ ਦਿਲਬਾਗ ਸਿੰਘ ਪੁਰਾਣਾ ਭੰਗਾਲਾ, ਪੱਗੜੀ ਸੰਭਾਲ ਜੱਟਾ ਲਹਿਰ ਦੇ ਠਾਕੁਰ ਵਿਜੇ ਸਿੰਘ ਬਹਿਬਲ ਮੰਝ, ਆਸਾ ਸਿੰਘ ਭੰਗਾਲਾ, ਸੁਰਜੀਤ ਸਿੰਘ ਬਿੱਲਾ ਸਮੇਤ ਹੋਰ ਆਗੂਆਂ ਨੇ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ, ਸਬੰਧਤ ਜ਼ਿਲ੍ਹਾ ਡਰੱਗ ਇੰਸਪੈਕਟਰ, ਐੱਸਐੱਸਪੀ, ਡੀਐੱਸਪੀ ਅਤੇ ਐੱਸਐੱਚਓ ਨੂੰ ਬਰਖ਼ਾਸਤ ਕਰਨ ਅਤੇ ਪ੍ਰਦਰਸ਼ਨਾਂ ਦੌਰਾਨ ਹਿਰਾਸਤ ਵਿੱਚ ਲਏ ਵਿਅਕਤੀਆਂ ਦੀ ਰਿਹਾਈ ਦੀ ਮੰਗ ਵੀ ਉਠਾਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਵਾਰਦਾਤਾਂ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ।