ਟਾਂਡਾ ’ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਟਾਂਡਾ ’ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
Publish Date: Thu, 15 Oct 2026 06:52 PM (IST)
Updated Date: Thu, 15 Oct 2026 06:54 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਸੰਘਰਸ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਟਾਂਡਾ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਦੁਕਾਨਦਾਰਾਂ ਵੱਲੋਂ ਆਪਣੀ ਮਰਜ਼ੀ ਨਾਲ ਦੁਕਾਨਾਂ ਬੰਦ ਰੱਖੀਆਂ ਗਈਆਂ। ਇਸ ਤੋਂ ਇਲਾਵਾ ਟਾਂਡਾ ਇਲਾਕੇ ਦੇ ਸਾਰੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਬੰਦ ਰੱਖੇ ਗਏ। ਇਸ ਦੌਰਾਨ ਵੱਖ-ਵੱਖ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਬਿਜਲੀ ਘਰ ਚੌਕ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 4 ਵਜੇ ਤੱਕ ਹਾਈਵੇਅ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਧਰਨਾ ਪ੍ਰਦਰਸ਼ਨ ਤੋਂ ਪਹਿਲਾਂ ਸਵੇਰੇ ਕਰੀਬ 7 ਵਜੇ ਜਦੋਂ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਸਮੇਤ ਕਈ ਆਗੂਆਂ ਨੇ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਟਾਂਡਾ ਦੇ ਡੀਐੱਸਪੀ ਦਵਿੰਦਰ ਸਿੰਘ ਬਾਜਵਾ ਅਤੇ ਐੱਸਐੱਚਓ ਅਮਰਜੀਤ ਕੌਰ ਦੀ ਅਗਵਾਈ ਵਿੱਚ ਟਾਂਡਾ ਪੁਲਿਸ ਨੇ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਤੋਂ ਇਲਾਵਾ ਗੁਰਨਾਮ ਸਿੰਘ ਮੂਨਕਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮਾਸਟਰ ਕੁਲਦੀਪ ਸਿੰਘ ਮਸੀਤੀ ਅਤੇ ਮਨਜਿੰਦਰ ਸਿੰਘ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਪਹੁੰਚਾ ਦਿੱਤਾ। ਇਸ ਤੋਂ ਬਾਅਦ ਥਾਣਾ ਟਾਂਡਾ ਦੇ ਸਾਹਮਣੇ ਇਕੱਠੇ ਹੋਏ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਰੜਾ, ਗੁਰਪ੍ਰੀਤ ਸਿੰਘ ਖੁੱਡਾ, ਸਰਪੰਚ ਮਨਵੀਰ ਸਿੰਘ ਅਤੇ ਜਥੇਦਾਰ ਦਵਿੰਦਰ ਸਿੰਘ ਮੂਨਕ ਦੀ ਅਗਵਾਈ ਹੇਠ ਹਾਈਵੇ ਤੱਕ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਰੋਕ ਦੇ ਬਾਵਜੂਦ ਬਿਜਲੀ ਘਰ ਚੌਕ ਵਿੱਚ ਹਾਈਵੇ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਵਿੱਚ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਰਕਾਰ-ਏ-ਖ਼ਾਲਸਾ, ਆਲ ਇੰਡੀਆ ਸਤਿਕਾਰ ਕਮੇਟੀ, ਮਿਸਲ ਸ਼ਹੀਦਾਂ ਤਰਨਾ ਦਲ, ਪੰਜਾਬ ਸੰਗਠਨ, ਸਿੱਖ ਯੂਥ ਪੰਜਾਬ ਅਤੇ ਸਰਬੱਤ ਦਾ ਭਲਾ ਸੋਸਾਇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਵਿੱਚ ਸਰਕਾਰ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ’ਤੇ ਪੁਲਿਸ ਰਾਹੀਂ ਦਬਾਅ ਬਣਾਉਣ ਅਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲੱਗ ਰਹੇ ਹਨ, ਜਦਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਸਰਕਾਰ ਦੀ ਭੂਮਿਕਾ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਰੜਾ, ਦਲ ਖ਼ਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ, ਕੁਲਦੀਪ ਸਿੰਘ ਮਸੀਤੀ, ਅਵਤਾਰ ਸਿੰਘ ਸੇਖੋਂ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਜਥੇਦਾਰ ਦਿਲਦਾਰ ਸਿੰਘ, ਬਾਬਾ ਗੁਰਜੀਤ ਸਿੰਘ, ਦਮਨਦੀਪ ਸਿੰਘ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਪ੍ਰਦੀਪ ਸਿੰਘ ਮੂਨਕ, ਸੁਖਵਿੰਦਰ ਸਿੰਘ ਮੂਨਕਾ, ਹਰਪ੍ਰੀਤ ਸਿੰਘ ਕਾਕਾ ਮੂਨਕਾ, ਦਲਜੀਤ ਸਿੰਘ ਮਸੀਤੀ, ਮਨਜੀਤ ਸਿੰਘ ਮਨੀ, ਬਲਜੀਤ ਸਿੰਘ, ਜਸਪਾਲ ਸਿੰਘ ਸਮੇਤ ਹੋਰ ਕਈ ਵਿਅਕਤੀ ਮੌਜੂਦ ਸਨ।