- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੁੜ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ ਜਤਿੰਦਰ ਸਿੰਘ ਗਿੱਲ, ਐੱਸਐੱਮਓ. ਟਾਂਡਾ ਅਤੇ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਟਾਂਡਾ ਬਲਾਕ ਦੇ ਸਮੂਹ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਸਬੰਧੀ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸਰਗਰਮੀਆਂ ਚਲਾਈਆਂ ਗਈਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪਾਣੀ ਦੇ ਖੜ੍ਹੇ ਹੋਣ ਵਾਲੇ ਸਥਾਨਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ, ਮੱਛਰਾਂ ਤੋਂ ਬਚਾਅ ਦੇ ਉਪਾਅ ਅਪਣਾਉਣ ਅਤੇ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ। ਸਿਹਤ ਵਿਭਾਗ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦੇਣ ਅਤੇ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤਾਂ ਜੋ ਡੇਂਗੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।