ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
Publish Date: Thu, 08 Jan 2026 03:41 PM (IST)
Updated Date: Fri, 09 Jan 2026 04:00 AM (IST)

ਜਗਤਾਰ ਸਿੰਘ ਬ੍ਰਹਮੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਭੈੜੇ ਅਨਸਰਾਂ ਵਲੋਂ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ। ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹੇ ਅੰਦਰ ਬਿਨ੍ਹਾਂ ਐੱਸ.ਡੀ.ਐੱਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਇਹ ਸਾਰੇ ਹੁਕਮ 7 ਮਾਰਚ 2026 ਤੱਕ ਲਾਗੂ ਰਹਿਣਗੇ।