ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮਿਸ਼ਨ ਵਚਨਬੱਧ : ਚੰਦਨ ਗਰੇਵਾਲ
ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ: ਚੰਦਨ ਗਰੇਵਾਲ
Publish Date: Thu, 08 Jan 2026 03:47 PM (IST)
Updated Date: Fri, 09 Jan 2026 04:00 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਹੈ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਇੱਜ਼ਤਦਾਰ ਜੀਵਨ ਦੇ ਨਾਲ-ਨਾਲ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਾਥਮਿਕ ਜ਼ਿੰਮੇਵਾਰੀ ਹੈ। ਉਹ ਦਸੂਹਾ ਨਗਰ ਕੌਂਸਲ ਦਫ਼ਤਰ ਵਿੱਚ ਨਗਰ ਕੌਂਸਲ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਚੰਦਨ ਗਰੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ, ਉਨ੍ਹਾਂ ਦਾ ਤੁਰੰਤ ਹੱਲ ਕਰਨਾ ਅਤੇ ਉਨ੍ਹਾਂ ਦੀ ਭਲਾਈ ਨਾਲ ਸਬੰਧਿਤ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕਰਨਾ ਹੈ। ਸਰਕਾਰ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਕਮਿਸ਼ਨ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ। ਕਈ ਮਸਲੇ ਮੌਕੇ ‘ਤੇ ਹੀ ਹੱਲ ਕਰ ਦਿੱਤੇ ਗਏ ਹਨ, ਜਦਕਿ ਕੁਝ ਮੰਗਾਂ ਰਾਜ ਪੱਧਰ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਵੀ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਦਿੱਤੀ ਜਾਵੇ, ਉਨ੍ਹਾਂ ਨੂੰ ਸੁਰੱਖਿਆ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇ ਅਤੇ ਲੋੜੀਂਦੀ ਟ੍ਰੇਨਿੰਗ ਦੀ ਵੀ ਵਿਵਸਥਾ ਕੀਤੀ ਜਾਵੇ। ਸਮਾਜ ਵਿੱਚ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਿਰਫ਼ ਸ਼ਬਦਾਂ ਤੱਕ ਸੀਮਿਤ ਨਹੀਂ, ਸਗੋਂ ਠੋਸ ਕਦਮਾਂ ਰਾਹੀਂ ਸਨਮਾਨ ਮਿਲਣਾ ਚਾਹੀਦਾ ਹੈ। ਮੀਟਿੰਗ ਦੇ ਅੰਤ ਵਿੱਚ ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਤਰਜੀਹ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦਸੂਹਾ ਦੇ ਕਾਰਜਕਾਰੀ ਅਧਿਕਾਰੀ ਕਮਲਜਿੰਦਰ ਸਿੰਘ, ਕਾਰਜਕਾਰੀ ਅਧਿਕਾਰੀ ਗੜ੍ਹਸ਼ੰਕਰ ਮਦਨ ਸਿੰਘ, ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਸਿਕੰਦਰ ਮਲਿਕ, ਰਮਨ ਕੁਮਾਰ, ਸਾਗਰ ਮੋਗਾ, ਚਮਨ ਲਾਲ ਸਮੇਤ ਹੋਰ ਯੂਨੀਅਨ ਮੈਂਬਰ ਵੀ ਹਾਜ਼ਰ ਸਨ।