ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ : ਆਸ਼ਿਕਾ ਜੈਨ
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ : ਆਸ਼ਿਕਾ ਜੈਨ
Publish Date: Sun, 25 Jan 2026 07:49 PM (IST)
Updated Date: Mon, 26 Jan 2026 04:16 AM (IST)

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਬਹੁਤ ਜ਼ਰੂਰੀ ਹੈ ਅਤੇ ਵੋਟਰ ਇਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਨਗਰ ਨਿਗਮ ਕਮਿਸ਼ਨਰ ਜਿਓਤੀ ਬਾਲਾ ਮੱਟੂ ਵੀ ਉਨ੍ਹਾਂ ਨਾਲ ਮੌਜੂਦ ਸਨ। ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮਾਂ, ਕਵਿਤਾ ਅਤੇ ਨਾਟਕ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਵੋਟਰ ਇਸਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਨਾ ਸਿਰਫ਼ ਆਪਣੀ ਵੋਟ ਪਾਉਣੀ ਚਾਹੀਦੀ ਹੈ ਬਲਕਿ ਦੂਜਿਆਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਪਾਉਣ ਦਾ ਅਧਿਕਾਰ ਇਕ ਮਹੱਤਵਪੂਰਨ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਪਾਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਵਿੱਚ ਸ਼ਾਮਿਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਾਲ ਭਰ ਵੋਟਾਂ ਬਣਾਉਣ ਲਈ ਕੰਮ ਕਰਦੇ ਹਨ ਅਤੇ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਹਨ। ਇਸ ਮੌਕੇ ਉਨ੍ਹਾਂ ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ ਕਾਰਡ ਵੰਡੇ ਅਤੇ ਨੌਜਵਾਨ ਵੋਟਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਸਹੁੰ ਚੁਕਾਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮ-ਕਮ-ਚੋਣ ਰਜਿਸਟ੍ਰੇਸ਼ਨ ਅਫ਼ਸਰ 43-ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੂੰ ਸਰਬੋਤਮ ਈ.ਆਰ.ਓ, ਭੁਪਿੰਦਰ ਸਿੰਘ ਨੂੰ ਸਰਵੋਤਮ ਬੀ.ਐਲ.ਓ (ਬੂਥ ਲੈਵਲ ਅਫ਼ਸਰ) 43-ਹੁਸ਼ਿਆਰਪੁਰ ਅਤੇ ਸਰਬੋਤਮ ਨੋਡਲ ਅਫ਼ਸਰ ਅੰਕੁਰ ਸ਼ਰਮਾ ਨੂੰ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਨੋਡਲ ਅਫ਼ਸਰ ਸਵੀਪ ਵਜੋਂ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪ੍ਰਸੰਸਾ ਪੁਰਸਕਾਰ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਨੂੰ ਦਿੱਤੇ ਗਏ। ਇਸ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਵੀ ਪੇਸ਼ ਕੀਤੇ ਗਏ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ, ਮੇਘਾ ਮਹਿਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।