ਜਸਟਿਸ ਮੀਨਾਕਸ਼ੀ ਆਈ. ਮਹਿਤਾ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ
ਜਸਟਿਸ ਮੀਨਾਕਸ਼ੀ ਆਈ. ਮਹਿਤਾ ਵੱਲੋਂ ਕੇਂਦਰੀ ਜੇਲ੍ਹ ਅਤੇ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਨਿਰੀਖਣ
Publish Date: Wed, 18 Feb 2026 05:14 PM (IST)
Updated Date: Thu, 19 Feb 2026 04:04 AM (IST)

ਕੈਦੀਆਂ ਦੀਆਂ ਸਹੂਲਤਾਂ, ਸਫ਼ਾਈ ਤੇ ਪੁਨਰਵਾਸ ਪ੍ਰਬੰਧਾਂ ਦੀ ਕੀਤੀ ਸਮੀਖਿਆ ਬੱਚਿਆਂ ਲਈ ਸੁਰੱਖਿਅਤ ਤੇ ਸੰਵੇਦਨਸ਼ੀਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਮੀਨਾਕਸ਼ੀ ਆਈ. ਮਹਿਤਾ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਤੇ ਰਾਮ ਕਾਲੋਨੀ ਕੈਂਪ ਸਥਿਤ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਵਿਸ਼ੇਸ਼ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਦੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਰਾਖੀ ਤੇ ਸੁਧਾਰਾਤਮਕ ਪ੍ਰਣਾਲੀ ਨੂੰ ਪ੍ਰਾਥਮਿਕਤਾ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਸਮੇਤ ਨਿਆਂਇਕ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਕੇਂਦਰੀ ਜੇਲ੍ਹ ਪਹੁੰਚਣ ’ਤੇ ਜਸਟਿਸ ਮਹਿਤਾ ਨੂੰ ਪੁਲਿਸ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਜੇਲ੍ਹ ਦੀਆਂ ਬੈਰਕਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਕੈਦੀਆਂ ਕੋਲ ਜਾ ਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ, ਖਾਣ-ਪੀਣ, ਸਾਫ਼-ਸਫ਼ਾਈ ਅਤੇ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਕੈਦੀਆਂ ਲਈ ਮੁੜਵਸੇਬੇ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਉਹ ਸਜ਼ਾ ਪੂਰੀ ਕਰਨ ਤੋਂ ਬਾਅਦ ਸਮਾਜ ਦੀ ਮੁੱਖ ਧਾਰਾ ਵਿੱਚ ਸਨਮਾਨਜਨਕ ਤਰੀਕੇ ਨਾਲ ਸ਼ਾਮਲ ਹੋ ਸਕਣ। ਰਾਮ ਕਾਲੋਨੀ ਕੈਂਪ ਸਥਿਤ ਅਬਜ਼ਰਵੇਸ਼ਨ ਹੋਮ ਦੇ ਦੌਰੇ ਦੌਰਾਨ ਜਸਟਿਸ ਮਹਿਤਾ ਨੇ ਉੱਥੇ ਰਹਿ ਰਹੇ ਬੱਚਿਆਂ ਅਤੇ ਕਿਸ਼ੋਰਾਂ ਦੀ ਸਿੱਖਿਆ ਤੇ ਕੌਂਸਲਿੰਗ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੰਸਥਾ ਵਿੱਚ ਰਹਿ ਰਹੇ ਬੱਚਿਆਂ ਲਈ ਸੁਰੱਖਿਅਤ, ਸੰਵੇਦਨਸ਼ੀਲ ਅਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਦੁਬਾਰਾ ਸ਼ਾਮਲ ਹੋ ਸਕਣ। ਦੌਰੇ ਦੌਰਾਨ ਅਧਿਕਾਰੀਆਂ ਵੱਲੋਂ ਸੰਸਥਾਵਾਂ ਦੀ ਕਾਰਗੁਜ਼ਾਰੀ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਪੇਸ਼ ਕੀਤੀ ਗਈ। ਪ੍ਰਬੰਧਕੀ ਜੱਜ ਨੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਤੇ ਲੋੜੀਂਦੇ ਸੁਧਾਰਾਂ ਲਈ ਸੁਝਾਅ ਵੀ ਦਿੱਤੇ।