ਪਿੰਡ ਪੱਧਰ 'ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਰੋਕ : ਕਟਾਰੀਆ
ਪਿੰਡ ਪੱਧਰ 'ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਰਾਜਪਾਲ ਗੁਲਾਬ ਚੰਦ ਕਟਾਰੀਆ
Publish Date: Mon, 23 Feb 2026 05:34 PM (IST)
Updated Date: Tue, 24 Feb 2026 04:04 AM (IST)
ਰਾਜਪਾਲ ਪੰਜਾਬ ਨੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ
- ਕਿਹਾ, ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ
- ਵਿਲੇਜ ਡਿਫੈਂਸ ਕਮੇਟੀਆਂ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਅਹਿਮ ਸਾਥੀ
ਸੰਜੀਵ ਸੂਦ/ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ/ਮੁਕੇਰੀਆਂ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਮੁਕੇਰੀਆਂ ਵਿਖੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਰਣਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਰਾਜਪਾਲ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਜੜ ਤੋਂ ਖਤਮ ਕਰਨ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਸਮਾਜਕ ਸਹਿਯੋਗ ਵੀ ਅਤਿ ਆਵਸ਼ਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿੰਡ ਪੱਧਰ ’ਤੇ ਸਰਗਰਮ ਅਤੇ ਜਾਗਰੂਕ ਨਾਗਰਿਕ ਨੈੱਟਵਰਕ ਨਸ਼ਾ ਤਸਕਰੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ ’ਤੇ ਨਿਗਰਾਨੀ ਰੱਖਣ ਅਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ। ਨਾਲ ਹੀ ਪਿੰਡਾਂ ਵਿੱਚ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾਕੇ ਲੋਕਾਂ ਨੂੰ ਸਚੇਤ ਕੀਤਾ ਜਾਵੇ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ। ਰਾਜਪਾਲ ਨੇ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ ਤਾਂ ਉਹ ਸਮਾਜ ਨਿਰਮਾਣ ਵਿੱਚ ਸਰਗਰਮ ਭੂਮਿਕਾ ਅਦਾ ਕਰਦੇ ਹਨ। ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਸਮੂਹਕ ਚੌਕਸੀ ਅਤੇ ਲੋਕ ਭਾਗੀਦਾਰੀ ਨਾਲ ਪਿੰਡਾਂ ਵਿੱਚ ਨਸ਼ਾ ਵਿਰੋਧੀ ਮਾਹੌਲ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਥਾਪਨਾ ਲਈ ਉਹ ਲਗਾਤਾਰ ਯਤਨ ਕਰਦੇ ਰਹਿਣਗੇ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਸੰਦੀਪ ਕੁਮਾਰ ਮਲਿਕ, ਏਡੀਸੀ ਨਿਕਾਸ ਕੁਮਾਰ ਅਤੇ ਐਸਡੀਐਮ ਮੁਕੇਰੀਆਂ ਓਇਸ਼ੀ ਮੰਡਲ ਵੀ ਹਾਜ਼ਰ ਸਨ।