‘ਆਪ’ ਸਰਕਾਰ ਨੇ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਲਈ ਚੁੱਕਿਆ ਇਤਿਹਾਸਕ ਕਦਮ
ਕੇਜਰੀਵਾਲ ਦੀ ਗਰੰਟੀ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ : ਗੁਰਵਿੰਦਰ ਸਿੰਘ ਪਾਬਲਾ
Publish Date: Wed, 11 Mar 2026 05:04 PM (IST)
Updated Date: Thu, 12 Mar 2026 04:03 AM (IST)

ਕੇਜਰੀਵਾਲ ਦੀ ਗਰੰਟੀ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ : ਪਾਬਲਾ, 13 ਅਪ੍ਰੈਲ ਨੂੰ ਸ਼ੁਰੂ ਹੋਵੇਗੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਕੇਜਰੀਵਾਲ ਦੀ ਗਰੰਟੀ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਪੱਕੀ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ। ਇੱਥੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਪਾਬਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਇਮਾਨਦਾਰੀ ਅਤੇ ਲੋਕ ਹਿੱਤ ਦੇ ਫ਼ੈਸਲਿਆਂ ਤੇ ਅਧਾਰਿਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਅਤੇ ਹੁਣ ਪੰਜਾਬ ਵਿੱਚ ਵੀ ਉਹੀ ਮਾਡਲ ਸਫਲਤਾਪੂਰਵਕ ਅੱਗੇ ਵਧਾਇਆ ਜਾ ਰਿਹਾ ਹੈ। ਪਾਬਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਸ਼ੁਰੂ ਕਰਕੇ ਇੱਕ ਮਹੱਤਵਪੂਰਨ ਚੋਣ ਵਾਅਦਾ ਪੂਰਾ ਕਰਨ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਮਿਲਣਗੇ। ਇਹ ਯੋਜਨਾ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰਾਖਵੇਂ ਕੀਤੇ ਹਨ। ਇਹ ਰਕਮ ਸਿੱਧੀ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ, ਜਿਸ ਨਾਲ ਵਿਚੋਲਿਆਂ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾ ਖਤਮ ਹੋ ਜਾਵੇਗੀ। ਪਾਬਲਾ ਨੇ ਦੱਸਿਆ ਕਿ ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਤੇ ਸ਼ੁਰੂ ਕੀਤੀ ਜਾਵੇਗੀ। ਇਸ ਲਈ ਪੰਜਾਬ ਭਰ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ, ਤਾਂ ਜੋ ਹਰ ਯੋਗ ਔਰਤ ਆਸਾਨੀ ਨਾਲ ਇਸ ਯੋਜਨਾ ਵਿੱਚ ਸ਼ਾਮਲ ਹੋ ਕੇ ਲਾਭ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਮਿਲੇਗੀ। ਸਰਕਾਰ ਦਾ ਮੰਨਣਾ ਹੈ ਕਿ ਜੇ ਔਰਤਾਂ ਮਜ਼ਬੂਤ ਹੋਣਗੀਆਂ ਤਾਂ ਪਰਿਵਾਰ ਅਤੇ ਸਮਾਜ ਦੋਵੇਂ ਮਜ਼ਬੂਤ ਹੋਣਗੇ। ਇਸੇ ਸੋਚ ਤਹਿਤ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਹਿੱਤ ਵਿੱਚ ਕਈ ਕਦਮ ਚੁੱਕੇ ਗਏ ਹਨ, ਜਿਨ੍ਹਾਂ ਵਿੱਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ, ਮੁਫ਼ਤ ਬਿਜਲੀ ਅਤੇ ਸਿਹਤ ਸੇਵਾਵਾਂ ਦੀਆਂ ਸੁਵਿਧਾਵਾਂ ਸ਼ਾਮਲ ਹਨ। ਪਾਬਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਰਾਜਨੀਤੀ ਤੋਂ ਹਟ ਕੇ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਇਮਾਨਦਾਰ ਹੁੰਦੀ ਹੈ ਤਾਂ ਜਨਤਕ ਧਨ ਲੋਕ ਭਲਾਈ ਦੇ ਕੰਮਾਂ ਤੇ ਖਰਚ ਹੁੰਦਾ ਹੈ ਅਤੇ ਇਸ ਨਾਲ ਸਮਾਜ ਵਿੱਚ ਵੱਡੇ ਬਦਲਾਅ ਸੰਭਵ ਬਣਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਲੋਕ ਸਭਾ ਇੰਚਾਰਜ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮਹਿਲਾ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮਨਜੋਤ ਕੌਰ, ਮਹਿਲਾ ਵਿੰਗ ਦੀ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਕੌਰ ਸੈਣੀ, ਜ਼ਿਲ੍ਹਾ ਸਕੱਤਰ ਕੰਚਨ ਦਿਓਲ ਅਤੇ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਹੁੰਦਲ ਵੀ ਮੌਜੂਦ ਸਨ।