ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ; ਮਾਲ ਅਧਿਕਾਰੀਆਂ ਨੂੰ ਬਕਾਇਆ ਵਸੂਲੀ ਤੇਜ਼ ਕਰਨ ਦੇ ਨਿਰਦੇਸ਼
Publish Date: Wed, 11 Mar 2026 05:43 PM (IST)
Updated Date: Thu, 12 Mar 2026 04:04 AM (IST)

ਮਾਲ ਅਧਿਕਾਰੀਆਂ ਨੂੰ ਬਕਾਇਆ ਵਸੂਲੀ ਤੇਜ਼ ਕਰਨ ਦੇ ਨਿਰਦੇਸ਼ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਭਲਾਈ ਸਕੀਮਾਂ, ਵਿਕਾਸ ਕਾਰਜਾਂ ਤੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਖਾਸ ਕਰਕੇ ਲੰਬਿਤ ਪਏ ਕੰਮਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪੈਂਡਿੰਗ ਕਾਰਜ ਪੂਰੀ ਪਾਰਦਰਸ਼ਤਾ ਨਾਲ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਜ਼ਮੀਨ ਦੇ ਨਕਸ਼ਿਆਂ, “ਮੇਰਾ ਘਰ ਮੇਰੇ ਨਾਮ”, ਆਸਾਨ ਰਜਿਸਟ੍ਰੇਸ਼ਨ ਅਤੇ ਆਸਾਨ ਜਮ੍ਹਾਂਬੰਦੀ ਦੀ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਨੇ ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀ ਦੀ ਸਮੀਖਿਆ ਕਰਦਿਆਂ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਆਮ ਲੋਕਾਂ ਲਈ ਹੋਰ ਸਰਲ, ਆਸਾਨ ਅਤੇ ਪਾਰਦਰਸ਼ੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣ। ਇਸ ਦੌਰਾਨ ਜ਼ਮੀਨ ਪ੍ਰਾਪਤੀ ਨਾਲ ਸਬੰਧਤ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ਼ ਮੈਪਿੰਗ, ਸਿਵਲ ਕੰਮਾਂ ਲਈ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਸ਼ਿਕਾਇਤਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਹੜ੍ਹ ਸੁਰੱਖਿਆ ਕਾਰਜਾਂ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਚੋਣ ਵਿਭਾਗ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨਾਲ ਸਬੰਧਤ ਮਾਮਲਿਆਂ ਬਾਰੇ ਵੀ ਜਰੂਰੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਗੁਣਵੱਤਾ ਦੇ ਨਾਲ ਸਮੇਂ ਸਿਰ ਪੂਰਾ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਪਰਮਪ੍ਰੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਅਮਨਦੀਪ ਕੌਰ ਘੁੰਮਣ, ਐਸ.ਡੀ.ਐਮ ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਸਮੇਤ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।