ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਥਿਤ ਫੇਕ ਐਨਕਾਊਂਟਰਾਂ ਵਿਰੁੱਧ ਰੋਸ ਪ੍ਰਦਰਸ਼ਨ
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਥਿਤ ਫੇਕ ਐਨਕਾਊਂਟਰਾਂ ਵਿਰੁੱਧ ਰੋਸ ਪ੍ਰਦਰਸ਼ਨ; ਐਸ.ਪੀ. ਨੂੰ ਸੌਂਪਿਆ ਮੰਗ ਪੱਤਰ
Publish Date: Wed, 11 Mar 2026 05:57 PM (IST)
Updated Date: Thu, 12 Mar 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕਿਸਾਨ ਮਜ਼ਦੂਰ ਮੋਰਚਾ (ਭਾਰਤ) ਪੰਜਾਬ ਚੈਪਟਰ ਦੇ ਵਰਕਰਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਐਸ.ਪੀ. ਮੇਜਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਰਾਹੀਂ ਮੋਰਚੇ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਆਧੀਆਂ ਦਾ ਨੌਜਵਾਨ ਰਣਜੀਤ ਸਿੰਘ ਕਥਿਤ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਰਣਜੀਤ ਸਿੰਘ ਦੇ ਮਾਪਿਆਂ ਦੇ ਬਿਆਨਾਂ ਦੇ ਅਧਾਰ ’ਤੇ ਇਸ ਕਥਿਤ ਝੂਠੇ ਮੁਕਾਬਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਤੋਂ ਕਰਵਾਈ ਜਾਵੇ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ, ਜੋ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਆਧੀਆਂ ਦਾ ਵਸਨੀਕ ਸੀ, ਨੂੰ ਹਾਲ ਹੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਸਰਹੱਦ ਨੇੜੇ ਇੱਕ ਪੁਲਿਸ ਚੌਕੀ ‘ਤੇ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ ਨਾਲ ਜੁੜੇ ਕਥਿਤ ਮੁਕਾਬਲੇ ਦੌਰਾਨ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ ਸੀ। ਮੋਰਚੇ ਨੇ ਇਹ ਵੀ ਮੰਗ ਕੀਤੀ ਕਿ ਕੇਸ ਦੀ ਪੈਰਵਾਈ ਕਰ ਰਹੇ ਰਣਜੀਤ ਸਿੰਘ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਦਬਾਅ ਪਾ ਕੇ ਤੰਗ ਨਾ ਕੀਤਾ ਜਾਵੇ। ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਪੋਸਟਮਾਰਟਮ ਦੌਰਾਨ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਦਖ਼ਲਅੰਦਾਜ਼ੀ ਕਰਨਾ ਨਿਰਪੱਖ ਜਾਂਚ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਪਰਮਜੀਤ ਸਿੰਘ ਭੁੱਲਾਂ ਨੇ ਕਿਹਾ ਕਿ ਰਣਜੀਤ ਸਿੰਘ ਦੇ ਕਥਿਤ ਝੂਠੇ ਪੁਲਿਸ ਮੁਕਾਬਲੇ ਦੇ ਨਾਲ-ਨਾਲ ਇਸ ਤਰ੍ਹਾਂ ਦੇ ਹੋਰ ਵੀ ਕਈ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪੁਲਿਸ ਰਾਜ ਬਣ ਗਿਆ ਹੈ ਅਤੇ ਲੋਕਤੰਤਰਿਕ ਹੱਕਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇ ਕੋਈ ਵਿਅਕਤੀ ਜੁਰਮ ਕਰਦਾ ਹੈ ਤਾਂ ਉਸ ਨੂੰ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਅਦਾਲਤ ਵਿੱਚ ਪੇਸ਼ ਕਰਕੇ ਸਜ਼ਾ ਦਿੱਤੀ ਜਾਵੇ, ਨਾ ਕਿ ਪੁਲਿਸ ਵੱਲੋਂ ਮੁਕਾਬਲੇ ਦੇ ਨਾਮ ’ਤੇ ਮਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜਦ ਤੱਕ ਰਣਜੀਤ ਸਿੰਘ ਦੇ ਕਥਿਤ ਕਤਲ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਤਦ ਤੱਕ ਮੋਰਚੇ ਦਾ ਸੰਘਰਸ਼ ਜਾਰੀ ਰਹੇਗਾ।