ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਵੱਲੋਂ ਪਨੀਰ ਤੇ ਖੋਏ ਦੀ ਵਿਸ਼ੇਸ਼ ਜਾਂਚ ਮੁਹਿੰਮ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਵੱਲੋਂ ਪਨੀਰ ਤੇ ਖੋਏ ਦੀ ਵਿਸ਼ੇਸ਼ ਜਾਂਚ ਮੁਹਿੰਮ
Publish Date: Mon, 14 Sep 2026 04:40 PM (IST)
Updated Date: Tue, 15 Sep 2026 04:02 AM (IST)
17 ਸੈਂਪਲ ਲਏ, 40 ਕਿਲੋਗ੍ਰਾਮ ਖਰਾਬ ਮਿਠਾਈ ਮੌਕੇ ’ਤੇ ਕਰਵਾਈ ਨਸ਼ਟ ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਪਨੀਰ ਅਤੇ ਖੋਏ ਦੀ ਗੁਣਵੱਤਾ ਦੀ ਜਾਂਚ ਲਈ ਦੋ ਰੋਜ਼ਾ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਆਈ.ਏ.ਐਸ., ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਆਈ.ਏ.ਐਸ. ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਫੂਡ ਸੇਫਟੀ ਅਫ਼ਸਰ ਮੁਨੀਸ਼ ਕੁਮਾਰ ਵੱਲੋਂ ਜਲਾਲਪੁਰ ਟਾਂਡਾ, ਮਿਆਣੀ, ਆਲਮਪੁਰ ਅਤੇ ਗੋਗਰਾ ਆਦਿ ਇਲਾਕਿਆਂ ਵਿੱਚ ਵੱਖ-ਵੱਖ ਫੂਡ ਬਿਜ਼ਨਸ ਅਦਾਰਿਆਂ ਦੀ ਜਾਂਚ ਕਰਦਿਆਂ ਪਨੀਰ ਅਤੇ ਖੋਏ ਦੇ 5 ਸੈਂਪਲ ਲਏ ਗਏ। ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਵੱਲੋਂ ਹੁਸ਼ਿਆਰਪੁਰ ਖੇਤਰ ਵਿੱਚੋਂ 5 ਸੈਂਪਲ ਅਤੇ ਫੂਡ ਸੇਫਟੀ ਅਫ਼ਸਰ ਈਸ਼ਾਨ ਬਾਂਸਲ ਵੱਲੋਂ ਮਾਹਿਲਪੁਰ ਅਤੇ ਗੜ੍ਹਸ਼ੰਕਰ ਖੇਤਰ ਵਿੱਚੋਂ 7 ਸੈਂਪਲ ਲਏ ਗਏ। ਇਸ ਤਰ੍ਹਾਂ ਵਿਭਾਗ ਵੱਲੋਂ ਕੁੱਲ 17 ਸੈਂਪਲ ਇਕੱਠੇ ਕੀਤੇ ਗਏ ਹਨ, ਜਿਨ੍ਹਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫੂਡ ਸੇਫਟੀ ਟੀਮਾਂ ਵੱਲੋਂ ਚੱਲਦੇ ਵਾਹਨਾਂ ਵਿੱਚ ਲਿਜਾਈਆਂ ਜਾ ਰਹੀਆਂ ਖਾਣ-ਪੀਣ ਵਾਲੀਆਂ ਵਸਤਾਂ ਦੇ ਵੀ ਸੈਂਪਲ ਇਕੱਠੇ ਕੀਤੇ ਗਏ। ਚੈਕਿੰਗ ਦੌਰਾਨ ਟੀਮ ਵੱਲੋਂ ਮੌਕੇ ’ਤੇ 30 ਕਿਲੋਗ੍ਰਾਮ ਖਰਾਬ ਗੁਲਾਬ ਜਾਮੁਨ ਅਤੇ 10 ਕਿਲੋਗ੍ਰਾਮ ਰਸਗੁੱਲੇ, ਕੁੱਲ 40 ਕਿਲੋਗ੍ਰਾਮ ਖਰਾਬ ਮਿਠਾਈ ਨਸ਼ਟ ਕਰਵਾਈ ਗਈ। ਫੂਡ ਸੇਫਟੀ ਟੀਮ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਖਾਣ-ਪੀਣ ਵਾਲੀਆਂ ਵਸਤਾਂ ਦੀ ਤਿਆਰੀ, ਸਟੋਰੇਜ ਅਤੇ ਵਿਕਰੀ ਸਮੇਂ ਸਫਾਈ ਅਤੇ ਸੈਨੇਟੇਸ਼ਨ ਦੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਫੂਡ ਬਿਜ਼ਨਸ ਆਪਰੇਟਰਾਂ ਵਿਰੁੱਧ ਫੂਡ ਸੇਫਟੀ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।