ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਵਿਰੁੱਧ ਕਿਸਾਨਾਂ ’ਚ ਭਾਰੀ ਰੋਸ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਵਿਰੁੱਧ ਕਿਸਾਨਾਂ ਵਿੱਚ ਭਾਰੀ ਰੋਸ
Publish Date: Mon, 02 Nov 2026 04:21 PM (IST)
Updated Date: Mon, 02 Nov 2026 04:23 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਮੁਕੇਰੀਆਂ ਦੇ ਪ੍ਰਧਾਨ ਅਵਤਾਰ ਸਿੰਘ ਬੌਬੀ, ਬਲਜੀਤ ਸਿੰਘ ਛੰਨੀ ਨੰਦ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਹਲਕੇ ਦੀਆਂ ਹਰਸਾ ਮਾਨਸਰ, ਕੌਲਪੁਰ ਅਤੇ ਨੌਸ਼ਹਿਰਾ ਪੱਤਣ ਮੰਡੀਆਂ ਵਿੱਚ ਨਿਰਧਾਰਤ ਖ਼ਰੀਦ ਟੀਚੇ ਪੂਰੇ ਹੋਣ ਦਾ ਹਵਾਲਾ ਦੇ ਕੇ ਸਰਕਾਰੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਦਕਿ ਝੋਨੇ ਦੀ ਕਟਾਈ ਅਜੇ ਜਾਰੀ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਿਸ਼ ਕਾਰਨ ਫ਼ਸਲ ਦੀ ਕਟਾਈ ਵਿੱਚ ਦੇਰੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਹੋਰ ਫ਼ਸਲ ਆਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ਵਿੱਚ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਫ਼ਸਲ ਦੀ ਆਮਦ ਅਤੇ ਖ਼ਰੀਦ ਦਾ ਕੰਮ ਅਜੇ ਜਾਰੀ ਹੈ ਤਾਂ ਮਹਿਜ਼ 30 ਦਿਨਾਂ ਵਿੱਚ ਸਰਕਾਰੀ ਖ਼ਰੀਦ ਕਿਵੇਂ ਬੰਦ ਕੀਤੀ ਜਾ ਸਕਦੀ ਹੈ। ਕਿਸਾਨ ਜਥੇਬੰਦੀ ਨੇ ਮੰਗ ਕੀਤੀ ਕਿ ਖ਼ਰੀਦ ਦੇ ਨਿਰਧਾਰਤ ਟੀਚਿਆਂ ਦੀ ਸ਼ਰਤ ਖ਼ਤਮ ਕਰਕੇ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਆਖ਼ਰੀ ਦਾਣੇ ਤੱਕ ਝੋਨੇ ਦੀ ਸਰਕਾਰੀ ਖ਼ਰੀਦ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਤਰਸੇਮ ਸਿੰਘ, ਟੇਕ ਸਿੰਘ, ਹੁਸ਼ਿਆਰ ਰਾਣਾ, ਗੁਰਮੀਤ ਸਿੰਘ, ਜਸਪਾਲ ਸਿੰਘ, ਗੁਰਦਿਆਲ ਸਿੰਘ, ਸਤਨਾਮ ਸਿੰਘ, ਵਿਜੇ ਕੁਮਾਰ ਆਦਿ ਕਿਸਾਨ ਹਾਜ਼ਰ ਸਨ।