ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਜਤਿੰਦਰ ਸਿੰਘ ਸ਼ੰਟੀ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਜਤਿੰਦਰ ਸਿੰਘ ਸ਼ੰਟੀ
Publish Date: Sat, 10 Oct 2026 07:42 PM (IST)
Updated Date: Sat, 10 Oct 2026 07:44 PM (IST)
ਹਰਮਨਜੀਤ ਸਿੰਘ ਸੈਣੀ ਪੰਜਾਬੀ ਜਾਗਰਣ ਮੁਕੇਰੀਆਂ : ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਤਰਜੀਹ ਹੈ। ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪੀੜਤ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣ ਕੇ ਉਸ ਦੇ ਢੁੱਕਵੇਂ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਮੁਕੇਰੀਆਂ ਵਿਖੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਗਏ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਖੁੱਲ੍ਹੀ ਸੁਣਵਾਈ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਜਨਤਾ ਦੀ ਅਦਾਲਤ ਹੈ, ਜਿੱਥੇ ਹਰੇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਨ ਅਤੇ ਬਿਨਾਂ ਕਿਸੇ ਬੇਲੋੜੀ ਖੱਜਲ-ਖੁਆਰੀ ਦੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਅਤੇ ਮ੍ਰਿਤਕਾਂ ਦੀ ਮਰਿਆਦਾ ਤੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਅਨੁਸਾਰ ਬਿੱਲ ਦਾ ਭੁਗਤਾਨ ਨਾ ਹੋਣ ਕਾਰਨ ਕਿਸੇ ਮਰੀਜ਼ ਜਾਂ ਮ੍ਰਿਤਕ ਦੀ ਦੇਹ ਨੂੰ ਰੋਕ ਕੇ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਲਾਵਾਰਿਸ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਿਤ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਜਾਂ ਦਫ਼ਨਾਉਣ ਲਈ ਵੀ ਲੋੜੀਂਦੀ ਸਹਾਇਤਾ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਹੋ ਰਹੀ ਧੋਖਾਧੜੀ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਜਾਅਲੀ ਵੀਜ਼ੇ, ਨਕਲੀ ਆਫ਼ਰ ਲੈਟਰਾਂ ਅਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਦੀ ਮਿਹਨਤ ਦੀ ਕਮਾਈ ਹੜੱਪਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਸਿਰਫ਼ ਕਮਿਸ਼ਨ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰੇਕ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਐੱਸਪੀ ਨਵਨੀਤ ਕੌਰ, ਐੱਸਡੀਐੱਮ ਜਯੋਤਸਨਾ, ਸਕੱਤਰ ਬਲਦੇਵ ਸਿੰਘ, ਗੁਰਬਖ਼ਸ਼ ਸਹੋਤਾ ਸਮੇਤ ਵਿਭਾਗਾਂ ਦੇ ਅਧਿਕਾਰੀ, ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।