ਮੰਗਾਂ ਪੂਰੀਆਂ ਨਾ ਹੋਈਆਂ ਤਾਂ ਪੰਜ ਦਸੰਬਰ ਨੂੰ ਦੇਵਾਂਗੇ ਧਰਨਾ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਪੰਜ ਦਸੰਬਰ ਨੂੰ ਦੇਵਾਂਗੇ ਧਰਨਾ
Publish Date: Fri, 27 Nov 2026 03:38 PM (IST)
Updated Date: Fri, 27 Nov 2026 03:40 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਪੰਜਾਬ ਡੀ ਐਸ ਟੀ ਅਤੇ ਸੀ ਟੀ ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਸਾਢੇ ਚਾਰ ਸਾਲ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਜਿਨ੍ਹਾਂ ਵਿੱਚ 5 ਅਕਤੂਬਰ 2026 ਨੂੰ ਸਬ-ਕਮੇਟੀ ਦੇ ਇੰਚਾਰਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁੱਖ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ।ਇੰਨਾ ਸਮਾਂ ਬੀਤ ਜਾਣ ਅਤੇ ਭਰੋਸਿਆਂ ਦੇ ਬਾਵਜੂਦ ਅੱਜ ਤੱਕ ਨਾ ਤਾਂ ਕੋਈ ਠੋਸ ਹੱਲ ਨਿਕਲਿਆ ਹੈ ਅਤੇ ਨਾ ਹੀ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਜਿਸ ਕਾਰਨ ਇੰਸਟ੍ਰਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਸਬੰਧੀ ਉਹ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਮੁੱਢਲੀ ਤਨਖਾਹ , ਵਿਭਾਗ ਅਧੀਨ ਕਰਨਾ ਅਤੇ ਸੇਵਾ ਸੁਰੱਖਿਆ ਹਨ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਜਮਾਤਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਪੰਜ ਦਸੰਬਰ ਨੂੰ ਨੰਗਲ ਵਿੱਚ ਰੋਸ ਪ੍ਰਦਰਸ਼ਨ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ,ਅਨਿਲ ਕੁਮਾਰ, ਮੋਹਿਤ ਕੁਮਾਰ, ਦਲਜੀਤ ਕੁਮਾਰ, ਹਰੀਸ਼ ਕੁਮਾਰ, ਰਜਿੰਦਰ ਕੁਮਾਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।