ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿ ਰਾਏ ਸਾਹਿਬ ਕਾਲਜ (ਲੜਕੀਆਂ) ਚੱਬੇਵਾਲ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਨਵ-ਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ, ਜਿਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਪਹੁੰਚੇ । ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੀ ਮੌਜੂਦ ਸਨ।

ਵਿਧਾਇਕ ਡਾ. ਰਾਜ ਕੁਮਾਰ ਨੇ ਇਸ ਮੌਕੇ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਬੇਟੀਆਂ ਤੋਂ ਬਿਨ੍ਹਾਂ ਸਮਾਜ ਦੀ ਕਲਪਨਾ ਅਸੰਭਵ ਹੈ, ਇਸ ਲਈ ਭਰੂਣ ਹੱਤਿਆ ਵਰਗੀ ਗਲਤ ਸੋਚ ਨੂੰ ਨਾਕਾਰ ਕੇ ਬੇਟੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਟੇ ਅਤੇ ਬੇਟੀਆਂ ਨੂੰ ਬਰਾਬਰ ਦੇ ਮੌਕੇ ਮਿਲਣੇ ਚਾਹੀਦੇ ਹਨ, ਕਿਉਂਕਿ ਮੌਕਾ ਮਿਲਣ 'ਤੇ ਬੇਟੀਆਂ ਸਿੱਧ ਕਰ ਰਹੀਆਂ ਹਨ ਕਿ ਉਹ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੫ੋਗਰਾਮਾਂ ਨਾਲ ਜਾਗਰੂਕਤਾ ਫੈਲਦੀ ਹੈ ਅਤੇ ਅਜਿਹੇ ਪ੍ਰੋਗਰਾਮ ਸਮੇਂ-ਸਮੇਂ 'ਤੇ ਹੋਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਰਵਾਇਤ ਅਨੁਸਾਰ ਲੋਹੜੀ ਦੇ ਸਮਾਰੋਹ ਦੀ ਸ਼ੁਰੂਆਤ ਵੀ ਕੀਤੀ। ਆਖਰ ਚ ਉਨ੍ਹਾਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ੀਅਤਾਂ ਹਾਜ਼ਰ ਸਨ।