ਅਧਿਆਪਕਾਂ ਦੀਆਂ ਜਨਗਣਨਾ ਡਿਊਟੀਆਂ ਬੱਚਿਆਂ ਦੀ ਪੜ੍ਹਾਈ ਨਾਲ ਖਿਲਵਾੜ : ਭੱਜਲ
ਅਧਿਆਪਕਾਂ ਦੀਆਂ ਜਨਗਣਨਾ ਲਈ ਡਿਊਟੀਆਂ ਲਾਉਣਾ ਗਰੀਬ ਬੱਚਿਆਂ ਦੀ ਪੜ੍ਹਾਈ ਨਾਲ ਖਿਲਵਾੜ: ਭੱਜਲ
Publish Date: Mon, 23 Nov 2026 04:50 PM (IST)
Updated Date: Mon, 23 Nov 2026 04:52 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਜਨਗਣਨਾ ਦੇ ਕੰਮ ਲਈ 14 ਦਿਨਾਂ ਦੀਆਂ ਡਿਊਟੀਆਂ ਲਗਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਗਰੀਬ ਅਤੇ ਮਿਹਨਤਕਸ਼ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ, ਜੋ ਆਰਥਿਕ ਤੰਗੀ ਕਾਰਨ ਟਿਊਸ਼ਨ ਵੀ ਨਹੀਂ ਲੈ ਸਕਦੇ। ਅਜਿਹੇ ਵਿੱਚ ਅਧਿਆਪਕਾਂ ਦੇ 14 ਦਿਨ ਸਕੂਲਾਂ ਤੋਂ ਬਾਹਰ ਰਹਿਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋਵੇਗਾ। ਕਾਮਰੇਡ ਭੱਜਲ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਨਗਣਨਾ ਦੇ ਕੰਮ ਲਈ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਜਾਣ ਅਤੇ ਅਧਿਆਪਕਾਂ ਨੂੰ ਇਸ ਤੋਂ ਛੋਟ ਦਿੱਤੀ ਜਾਵੇ।