
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

- ਕੈਬਨਿਟ ਮੰਤਰੀ ਵੱਲੋਂ ਸੋਮਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ ਛੁੱਟੀ ਦਾ ਐਲਾਨ
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗਰੇਸ਼ੀਆ ਦੀ ਰਾਸ਼ੀ 50 ਲੱਖ ਰੁਪਏ ਤੋਂ ਵੱਧ ਕੇ ਇਕ ਕਰੋੜ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਰੁਪਏ ਤੋਂ ਵੱਧ ਕੇ 11000 ਰੁਪਏ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1279 ਨਵੀਂਆਂ ਬੱਸਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ ਵੱਧ ਕੇ 3546 ਹੋ ਜਾਵੇਗੀ ਜੋ ਪਿਛਲੇ ਦੋ ਦਹਾਕਿਆਂ ਵਿਚ ਸਭ ਤੋਂ ਵੱਡਾ ਵਾਧਾ ਹੈ। ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ ’ਤੇ ਇਸ ਵਾਰ 2670 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦੀ ਗਰਾਂਟ ਦੇ ਹਿਸਾਬ ਨਾਲ 133 ਕਰੋੜ ਰੁਪਏ ਤੋਂ ਵੱਧ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ।
ਸ਼੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੋਈ ਲੋਕ ਭਾਵਨਾਵਾਂ ਦੇ ਅਨੁਕੂਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ।
ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ’ਚ ਰਹੇਗੀ ਛੁੱਟੀ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸੋਮਵਾਰ (17 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸਐੱਸਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀਐੱਸਪੀ ਕੁਲਵੰਤ ਸਿੰਘ ਸਮੇਤ ਜਿਪਸੀ ਵਿਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਬੈਕਫਿੰਕੋ ਪੰਜਾਬ ਸੰਦੀਪ ਸੈਣੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਜਸਪਾਲ ਸਿੰਘ ਚੇਚੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸਐੱਸਪੀ ਸੰਦੀਪ ਕੁਮਾਰ ਮਲਿਕ ਅਤੇ ਹੋਰ ਅਧਿਕਾਰੀ ਮੌਜੂਦ ਸਨ।