ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ ਚੌਂਕੀ ਇੰਚਾਰਜ ਭੂੰਗਾ ਦੀ ਪਹਿਲਕਦਮੀ: ਨਸ਼ਾ ਪੀੜਤ ਵਿਅਕਤੀ ਨਸ਼ਾ ਮੁਕਤੀ ਕੇਂਦਰ ਦਾਖਲ
Publish Date: Fri, 27 Nov 2026 03:41 PM (IST)
Updated Date: Fri, 27 Nov 2026 03:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਰਿਆਣਾ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਚੌਂਕੀ ਭੂੰਗਾ ਦੇ ਇੰਚਾਰਜ ਰਵਿੰਦਰ ਸਿੰਘ ਵੱਲੋਂ ਇੱਕ ਸ਼ਲਾਘਾਯੋਗ ਪਹਿਲਕਦਮੀ ਕਰਦਿਆਂ ਨਸ਼ਾ ਕਰਨ ਵਾਲੇ ਇੱਕ ਵਿਅਕਤੀ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਨਸ਼ਾ ਮੁਕਤੀ ਕੇਂਦਰ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਉਕਤ ਵਿਅਕਤੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਾਨੂੰਨੀ ਕਾਰਵਾਈ ਵੀ ਕੀਤੀ ਗਈ। ਇਸ ਦੇ ਨਾਲ ਹੀ ਉਸ ਨੂੰ ਨਸ਼ਾ ਛੱਡਣ ਅਤੇ ਆਪਣੀ ਜ਼ਿੰਦਗੀ ਨੂੰ ਮੁੜ ਸਹੀ ਰਸਤੇ ਤੇ ਲਿਆਉਣ ਦਾ ਮੌਕਾ ਦੇਣ ਲਈ ਨਸ਼ਾ ਮੁਕਤੀ ਕੇਂਦਰ ਵਿੱਚ ਭੇਜਿਆ ਗਿਆ। ਇਸ ਮੌਕੇ ਚੌਂਕੀ ਇੰਚਾਰਜ ਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਦਾ ਮਕਸਦ ਨਸ਼ਾ ਵੇਚਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ। ਇਸ ਦੇ ਨਾਲ ਹੀ ਨਸ਼ੇ ਦੀ ਆਦਤ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਇਲਾਜ ਅਤੇ ਸਹੀ ਮਾਰਗਦਰਸ਼ਨ ਰਾਹੀਂ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਹਿਯੋਗ ਦੇਣ।