ਇਨਸਾਫ਼ ਯਾਤਰਾ ਆਪ ਦੇ ਤਾਬੂਤ ’ਚ ਆਖਰੀ ਕਿੱਲ ਸਾਬਤ ਹੋਵੇਗੀ : ਜੋਸ਼ੀ ਇਨਸਾਫ਼ ਯਾਤਰਾ ਆਮ ਆਦਮੀ ਪਾਰਟੀ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ : ਐਡਵੋਕੇਟ ਰੋਹਿਤ ਜੋਸ਼ੀ
Publish Date: Sat, 14 Nov 2026 04:50 PM (IST)
Updated Date: Sat, 14 Nov 2026 04:51 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੂਥ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਖੇਤਰ ਨਜ਼ਰ ਨਹੀਂ ਆਉਂਦਾ, ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਚੋਣ ਗਾਰੰਟੀਆਂ ਅਤੇ ਵਾਅਦਿਆਂ ਮੁਤਾਬਕ ਕੰਮ ਕੀਤਾ ਹੋਵੇ।ਉਨ੍ਹਾਂ ਨੇ ਪੰਜਾਬ ਵਿੱਚ ਲਗਾਤਾਰ ਵਧ ਰਹੇ ਅਪਰਾਧ ਅਤੇ ਗੈਂਗਸਟਰਵਾਦ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਚੁੱਕੇ ਹਨ। ਆਮ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਚੁਕੀ ਹੈ। ਪੰਜਾਬ ਦੀ ਆਰਥਿਕ ਸਥਿਤੀ ਵੀ ਚਿੰਤਾ ਦਾ ਵਿਸ਼ਾ ਹੈ। ਸੂਬੇ ਦੇ ਖ਼ਜ਼ਾਨੇ ਅਤੇ ਲਗਾਤਾਰ ਵਧ ਰਹੇ ਕਰਜ਼ੇ ਨੂੰ ਲੈ ਕੇ ਸਰਕਾਰ ਨੂੰ ਜਨਤਾ ਸਾਹਮਣੇ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਵਿੱਚ ਕਾਂਗਰਸ ਦੀ ਇਨਸਾਫ਼ ਯਾਤਰਾ ਆਮ ਆਦਮੀ ਪਾਰਟੀ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਇਹ ਰੈਲੀ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਇਨਸਾਫ਼ ਯਾਤਰਾ ਰਾਹੀਂ ਕਾਂਗਰਸ ਲੋਕਾਂ ਦੀ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ਰੋਹਿਤ ਜੋਸ਼ੀ ਨਾਲ ਸੁਰਿੰਦਰ ਸਿੱਧੂ, ਰਾਜਾ ਸੈਣੀ, ਕਾਕਾ, ਪ੍ਰਿਸ, ਜਸਬੀਰ ਸਿੰਘ, ਕਮਲਜੀਤ ਸਿੰਘ, ਕਮਲ ਪੰਡਿਤ ਤੇ ਹੋਰ ਵਰਕਰ ਮੌਜੂਦ ਸਨ।