- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਨਸ਼ਾ ਖ਼ਤਮ ਕਰਨ ਦੀ ਬਜਾਏ ਨੌਜਵਾਨੀ ਨੂੰ ਖ਼ਤਮ ਕਰਨ ਦੇ ਰਾਹ ਪਈ: ਆਦੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਰਿਆਣਾ: ਹਲਕਾ ਸ਼ਾਮ ਚੌਰਾਸੀ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਪਿੰਡਾਂ ਵਿੱਚ ਚਲਾਏ ਜਾ ਰਹੇ ਜਨ ਸੰਪਰਕ ਪ੍ਰੋਗਰਾਮ ਦੌਰਾਨ ਪਿੰਡ ਬਸੀ ਬੱਲੋ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ, ਬੇਰੁਜ਼ਗਾਰੀ ਅਤੇ ਸੂਬੇ ਦੇ ਹੋਰ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਏ। ਆਦੀਆ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ, ਰੇਤ ਮਾਫ਼ੀਆ, ਸਰਕਾਰੀ ਅਦਾਰਿਆਂ ਦੀ ਮਾੜੀ ਹਾਲਤ ਅਤੇ ਕਿਸਾਨੀ ਦੇ ਮੁੱਦੇ ਵੀ ਉਠਾਏ। ਆਦੀਆ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਰਕਾਰ ਤੋਂ ਇਨ੍ਹਾਂ ਮੁੱਦਿਆਂ ਦਾ ਹਿਸਾਬ ਮੰਗਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਜਾਰੀ ਰੱਖੇਗੀ ਅਤੇ ਕਾਨੂੰਨੀ ਰਾਹ ਵੀ ਅਪਣਾਏਗੀ। ਇਸ ਮੌਕੇ ਕਾਂਗਰਸੀ ਆਗੂਆਂ, ਪੰਚਾਂ, ਸਰਪੰਚਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।