ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਇਹ ਮਹਾਨ ਸਮਾਗਮ ਸਾਰੀਆਂ ਸੰਗਤਾਂ ਨੂੰ ਬੜੀ ਸ਼ਰਧਾ ਪ੍ਰੇਮ ਭਾਵਨਾ ਨਾਲ ਮਨਾਉਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਮਨੁੱਖੀ ਜੀਵਨ ਦੇ ਭਲੇ ਲਈ ਉਚਾਰਨ ਕੀਤੀ ਬਾਣੀ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਸਰਬੱਤ ਦੇ ਭਲੇ ਦੀਆਂ ਕਰੋੜਾਂ ਅਰਦਾਸਾਂ ਸਦਕਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲਿ੍ਹਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਈ ਸਾਲ ਗੁਜ਼ਾਰੇ ਹਨ, ਹੁਣ ਸੰਗਤ ਨੂੰ ਉਸ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਵਿਚਕਾਰ ਪਿਆਰ, ਏਕਤਾ ਅਤੇ ਵਪਾਰਕ ਸਬੰਧ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ਸਰਬ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਮਹਾਨ ਆਗਮਨ ਪੁਰਬ ਨੂੰ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨਾਲ ਇਸ ਸਮੇਂ ਹਰਜਿੰਦਰ ਸਿੰਘ ਵਿਰਦੀ ਆਦਿ ਵੀ ਹਾਜ਼ਰ ਸਨ।