ਖੜਗੇ ਦੀ ਟਿੱਪਣੀ ਕਾਂਗਰਸ ਦੀ ਵਿਚਾਰਧਾਰਕ ਕੰਗਾਲੀ ਦਾ ਪ੍ਰਤੀਕ : ਸੇਠੂ ਖੜਗੇ ਦੀ ਟਿੱਪਣੀ ਕਾਂਗਰਸ ਦੀ ਵਿਚਾਰਧਾਰਕ ਕੰਗਾਲੀ ਦਾ ਪ੍ਰਤੀਕ: ਅਜੈ ਕੌਸ਼ਲ ਸੇਠੂ
Publish Date: Mon, 26 Oct 2026 04:59 PM (IST)
Updated Date: Mon, 26 Oct 2026 05:01 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਜੈ ਕੌਸ਼ਲ ਸੇਠੂ ਨੇ ਪਟਨਾ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਕਥਿਤ ਤੌਰ ’ਤੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਰਗੇ ਸੰਵਿਧਾਨਕ ਅਹੁੱਦੇ ਪ੍ਰਤੀ ਅਜਿਹੀ ਭਾਸ਼ਾ ਦੀ ਵਰਤੋਂ ਲੋਕਤੰਤਰੀ ਮਰਿਆਦਾਵਾਂ ਦੇ ਉਲਟ ਹੈ ਅਤੇ ਕਾਂਗਰਸ ਦੀ ਵਿਚਾਰਧਾਰਕ ਸਥਿਤੀ ’ਤੇ ਸਵਾਲ ਖੜ੍ਹੇ ਕਰਦੀ ਹੈ। ਸੇਠੂ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਸਿਆਸੀ ਭਾਸ਼ਾ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਦਾ ਪੂਰਾ ਅਧਿਕਾਰ ਹੈ, ਪਰ ਇਹ ਆਲੋਚਨਾ ਤੱਥਾਂ ਅਤੇ ਤਰਕਾਂ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਨਿੱਜੀ ਟਿੱਪਣੀਆਂ ਲੋਕਤੰਤਰੀ ਸੰਵਾਦ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀਆਂ ਹਨ। ਕਾਂਗਰਸ ਨੂੰ ਦੋਸ਼ਾਂ ਦੀ ਰਾਜਨੀਤੀ ਛੱਡ ਕੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਸਿਆਸੀ ਵਿਰੋਧ ਦੌਰਾਨ ਸੰਵਿਧਾਨਕ ਅਹੁੱਦਿਆਂ ਦਾ ਸਤਿਕਾਰ ਕਰਨ ਅਤੇ ਉਸਾਰੂ ਰਾਜਨੀਤੀ ਅਪਣਾਉਣ ਦੀ ਅਪੀਲ ਕੀਤੀ।