ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਤੰਬਾਕੂ ਉਲੰਘਣਾਵਾਂ ਖ਼ਿਲਾਫ਼ ਕਾਰਵਾਈ ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਤੰਬਾਕੂ ਉਲੰਘਣਾਵਾਂ ਖ਼ਿਲਾਫ਼ ਕਾਰਵਾਈ
Publish Date: Thu, 08 Oct 2026 06:39 PM (IST)
Updated Date: Thu, 08 Oct 2026 06:41 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਕੋਟਪਾ ਐਕਟ-2003 ਅਧੀਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਅਤੇ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸੰਜੀਵ ਠਾਕੁਰ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਂਚ ਕਰ ਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੀਤੇ ਗਏ। ਇਸ ਮੌਕੇ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਨਾਲ ਜਨਤਕ ਥਾਵਾਂ ਨੂੰ ਤੰਬਾਕੂ ਦੇ ਧੂੰਏਂ ਤੋਂ ਮੁਕਤ ਰੱਖਣਾ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ-2003 ਦੀ ਧਾਰਾ 4 ਅਧੀਨ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨਾ ਮਨਾਹੀ ਹੈ। ਇਸ ਲਈ ਜਨਤਕ ਥਾਵਾਂ ’ਤੇ ਧੂਮਰਪਾਨ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਸਿਗਰਟ ਜਾਂ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਉਤਪਾਦ ਦੀ ਵਰਤੋਂ ਨਾ ਕਰਨ ਅਤੇ ਹੋਰਨਾਂ ਨੂੰ ਵੀ ਇਸ ਤੋਂ ਰੋਕਣ। ਇਸੇ ਤਰ੍ਹਾਂ ਕੋਟਪਾ ਐਕਟ ਦੀ ਧਾਰਾ 6 ਅਧੀਨ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣਾ ਜਾਂ ਨਾਬਾਲਿਗਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਮਨਾਹੀ ਹੈ। ਜਾਂਚ ਟੀਮ ਵੱਲੋਂ ਤੰਬਾਕੂ ਉਤਪਾਦ ਵੇਚਣ ਵਾਲੀਆਂ ਦੁਕਾਨਾਂ ’ਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦਾਂ ਦੀ ਵਿਕਰੀ, ਵਿਕਰੀ ਸਥਾਨ ’ਤੇ ਲਾਜ਼ਮੀ ਚਿਤਾਵਨੀ ਬੋਰਡ ਦੀ ਮੌਜੂਦਗੀ ਅਤੇ ਸਿੱਖਿਆ ਸੰਸਥਾਵਾਂ ਦੇ ਨੇੜੇ ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਗਿਆ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਕਾਨੂੰਨ ਦੀ ਪੂਰੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।