ਬਾਲ ਤਸਕਰੀ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਸਕੂਲ ਵੱਲੋਂ 'ਬਾਲ ਤਸਕਰੀ ਵਿਰੁੱਧ ਜਾਗਰੂਕਤਾ ਪ੍ਰੋਗਰਾਮ' ਦਾ ਆਯੋਜਨ
Publish Date: Thu, 22 Oct 2026 04:26 PM (IST)
Updated Date: Thu, 22 Oct 2026 04:27 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਫੁਗਲਾਣਾ ਵਿਖੇ ਬਾਲ ਤਸਕਰੀ ਦੇ ਗੰਭੀਰ ਮੁੱਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅਤੇ ਕਾਨੂੰਨੀ ਸਹਾਇਤਾ ਆਊਟਰੀਚ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਵਿਭਾਗ ਮੁਖੀ ਪ੍ਰਿਯੰਕਾ ਪੁਰੀ ਦੀ ਯੋਗ ਅਗਵਾਈ ਹੇਠ ਅਤੇ ਕੋਆਰਡੀਨੇਟਰ ਰਾਹੁਲ ਮਢਾਰਾ ਤੇ ਅਲਕਾ ਰਾਣੀ ਦੀ ਦੇਖ-ਰੇਖ ਵਿੱਚ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਇਸ ਪ੍ਰੋਗਰਾਮ ਵਿੱਚ ਲਾਅ ਸਕੂਲ ਦੇ 71 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਇੱਕ ਭਾਵਪੂਰਤ ਨੁੱਕੜ ਨਾਟਕ ਪੇਸ਼ ਕਰਕੇ ਬਾਲ ਤਸਕਰੀ ਦੇ ਖ਼ਤਰਿਆਂ, ਸੁਚੇਤ ਰਹਿਣ ਦੀ ਲੋੜ ਅਤੇ ਸ਼ੱਕੀ ਹਾਲਾਤਾਂ ਵਿੱਚ ਤੁਰੰਤ ਮਦਦ ਲੈਣ ਦੇ ਤਰੀਕਿਆਂ ਨੂੰ ਬੇਹੱਦ ਸਰਲ ਢੰਗ ਨਾਲ ਦਰਸਾਇਆ। ਵਿਦਿਆਰਥੀਆਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਅਤੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਬਾਲ ਸੁਰੱਖਿਆ ਨਾਲ ਜੁੜੇ ਕਾਨੂੰਨੀ ਨੁਕਤੇ ਵੀ ਸਾਂਝੇ ਕੀਤੇ। ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਵੱਲੋਂ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।