ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਲੋੜਵੰਦਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਗਿਆ ਕੰਟਰੋਲ ਰੂਮ ਸਹਾਈ ਸਾਬਤ ਹੋ ਰਿਹਾ ਹੈ। ਇਸ ਕੰਟਰੋਲ ਰੂਮ ਦੇ ਨੰਬਰਾਂ 'ਤੇ ਰੋਜ਼ਾਨਾ ਪ੍ਰਰਾਪਤ ਹੋ ਰਹੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਰਫਿਊ ਦੌਰਾਨ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਦੌਰਾਨ ਲੋੜਵੰਦਾਂ ਦੀ ਬਾਂਹ ਫੜਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਜ਼ਿਲ੍ਹਾ ਪੱਧਰ 'ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ ਦੀ ਅਗਵਾਈ 'ਚ ਚੱਲ ਰਹੇ ਜ਼ਿਲ੍ਹਾ ਕੰਟਰੋਲ ਰੂਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਕੰਟਰੋਲ ਰੂਮ ਰਾਹੀਂ 5451 ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਡੀਸੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮੌਜੂਦਾ ਨਾਜ਼ੂਕ ਹਾਲਾਤ 'ਤੇ ਪ੍ਰਸ਼ਾਸਨ ਵੱਲੋਂ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ, ਜਿਸ ਸਦਕਾ ਕੰਟਰੋਲ ਰੂਮ ਰਾਹੀਂ ਪ੍ਰਰਾਪਤ ਹੋ ਰਹੀ ਹਰ ਛੋਟੀ ਤੋਂ ਛੋਟੀ ਜਾਣਕਾਰੀ, ਸ਼ਿਕਾਇਤ ਅਤੇ ਸੁਝਾਅ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸਮੂਹ ਇਲਾਕਾ ਨਿਵਾਸੀਆਂ ਨੂੰ ਡਿਪਟੀ ਕਮਿਸ਼ਨਰ ਨੇ ਸਮੁੱਚੀ ਮਾਨਵਤਾ ਦੇ ਭਲੇ ਲਈ ਸਹਿਯੋਗ ਦੇਣ ਦੀ ਅਪੀਲ ਦੁਹਰਾਉਂਦਿਆਂ ਕਿਹਾ ਕਿ ਜਨਤਾ ਦੇ ਕੁਝ ਦਿਨਾਂ ਦੇ ਸਹਿਯੋਗ ਨਾਲ ਆਪਾਂ ਇਸ ਜੰਗ 'ਤੇ ਫਤਹਿ ਹਾਸਲ ਕਰ ਸਕਦੇ ਹਾਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਮਰਾ ਨੰਬਰ-204, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 24 ਘੰਟੇ ਕੰਮ ਕਰਨ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਕਰਫਿਊ ਦੌਰਾਨ ਕਿਸੇ ਵੀ ਸਮੱਸਿਆ ਲਈ ਕੰਟਰੋਲ ਰੂਮ ਦੇ ਨੰਬਰਾਂ 01882-220412 ਅਤੇ 98148-53692 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲ੍ਹਾ ਕੰਟਰੋਲ ਰੂਮ ਦੇ ਨੋਡਲ ਅਫ਼ਸਰ ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕੰਟਰੋਲ ਰੂਮ 'ਤੇ ਰੋਜ਼ਾਨਾ ਫੋਨ ਆ ਰਹੇ ਹਨ ਅਤੇ ਇਨ੍ਹਾਂ ਫੋਨਾਂ ਰਾਹੀਂ ਸਮੱਸਿਆਵਾਂ ਤੋਂ ਇਲਾਵਾ ਸੁਝਾਅ ਵੀ ਪ੍ਰਰਾਪਤ ਹੋ ਰਹੇ ਹਨ। ਇਸ ਤੋਂ ਇਲਾਵਾ ਕੰਟਰੋਲ ਰੂਮ ਦੇ ਨੰਬਰਾਂ ਰਾਹੀਂ ਆਮ ਜਨਤਾ ਵਲੋਂ ਵਿਦੇਸ਼ਾਂ ਤੋਂ ਆਏ ਐਨ.ਆਰ.ਆਈਜ਼ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੰਟਰੋਲ ਰੂਮ 'ਤੇ ਫੋਨ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ਕਾਫ਼ੀ ਘਟੀ ਹੈ। ਉਨ੍ਹਾਂ ਕਿਹਾ ਕਿ ਪ੍ਰਰਾਪਤ ਹੋ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ, ਉਪਰੰਤ ਸਬੰਧਤ ਅਧਿਕਾਰੀਆਂ ਵਲੋਂ ਸਮੇਂ ਸਿਰ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ।