ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਦੇ ਘਰ ਜਾ ਕੇ ਰਾਸ਼ਨ ਉਪਲਬੱਧ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਲੋੜਵੰਦ ਨੂੰ ਭੁੱਖਾ ਨਾ ਸੌਣਾ ਪਵੇ। ਉਨ੍ਹਾਂ ਕਿਹਾ ਕਿ ਐਸਡੀਐਮਜ਼ ਦੀ ਅਗਵਾਈ ਵਿੱਚ ਗਠਿਤ ਟੀਮਾਂ ਵਲੋਂ ਐਨਜੀਓਜ਼ ਦੀ ਮਦਦ ਇਸ ਨਾਜੁਕ ਹਾਲਾਤ ਵਿਚ ਅਜਿਹੇ ਵਿਅਕਤੀਆਂ ਦੀ ਬਾਂਹ ਫੜੀ ਜਾ ਰਹੀ ਹੈ।

ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਦੌਰਾਨ ਰੇਹੜੀਆਂ ਆਦਿ ਰਾਹੀਂ ਘਰਾਂ ਤੱਕ ਫਲ ਅਤੇ ਸਬਜ਼ੀਆਂ ਪਹੰੁਚਾਉਣ ਦੀ ਮੁਹਿੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਫਲ ਅਤੇ ਸਬਜ਼ੀ ਵਿਕਰੇਤਾ 'ਤੇ ਨਜ਼ਰ ਰੱਖਣ ਲਈ ਸਿਵਲ ਡਿਫੈਂਸ ਦੇ 100 ਵਲੰਟੀਅਰ ਵੀ ਨਿਯੁਕਤ ਕੀਤੇ ਗਏ ਹਨ, ਤਾਂ ਜੋ ਲੋੜ ਤੋਂ ਵੱਧ ਕੀਮਤ ਨਾ ਵਸੂਲੀ ਜਾ ਸਕੇ।

ਉਧਰ ਡਿਪਟੀ ਕਮਿਸ਼ਨਰ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਊਨਾ ਨੂੰ ਲੱਗਦੇ ਅੰਤਰਰਾਜੀ ਬਾਰਡਰ ਸਖਤੀ ਨਾਲ ਸੀਲ ਕੀਤੇ ਜਾਣ। ਉਨ੍ਹਾਂ ਐਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਸਮੇਤ ਅੰਤਰਰਾਜੀ ਬਾਰਡਰ (ਊਨਾ) ਦਾ ਦੌਰਾ ਕਰਨਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸਦੀ ਸਖਤੀ ਨਾਲ ਪਾਲਣਾ ਹੋਣੀ ਬਹੁਤ ਜ਼ਰੂਰੀ ਹੈ।