ਗੌਰਵ, ਗੜ੍ਹਦੀਵਾਲਾ

ਗੜ੍ਹਦੀਵਾਲਾ ਦੇ ਬਿਜਲੀ ਮੁਲਾਜ਼ਮਾਂ ਵਲੋਂ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਜੁਆਇੰਟ ਫੋਰਮ ਦੇ ਸੱਦੇ 'ਤੇ ਟੀਐਸਯੂ ਦੇ ਮੰਡਲ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਦਾ ਸਿਆਪਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਖੇਤੀ ਬਿੱਲ ਤੇ ਬਿਜਲੀ ਸੋਧ ਬਿੱਲ ਸਮੇਤ ਕਿਸਾਨ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨਾਂ ਦੇ ਸੰਘਰਸ਼ ਦਾ ਹਰ ਪੱਧਰ 'ਤੇ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੱਤਾ 'ਤੇ ਕਾਬਜ਼ ਹੋਣ ਤੋਂ ਹੀ ਸਰਮਾਏਦਾਰਾਂ ਪੱਖੀ ਫੈਸਲੇ ਲੈ ਰਹੀ ਹੈ ਅਤੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਦੇਸ਼ ਦੇ ਸਰੋਤਾਂ 'ਤੇ ਏਕਾ ਅਧਿਕਾਰ ਕਰਨ ਦੀ ਕੋਸ਼ਿਸ ਕਰ ਰਹੀ ਹੈ। ਦੇਸ਼ ਦੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਿਆ ਜਾ ਰਿਹਾ ਹੈ, ਜਿਸ ਦੇ ਖਿਲਾਫ਼ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਤਿੱਖੇ ਸੰਘਰਸ਼ ਕਰਨੇ ਪੈਣੇ ਹਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਕਰਕੇ ਨਿੱਜੀਕਰਨ ਵੱਲ ਵਧ ਰਹੀ ਹੈ, ਜਿਸ ਨਾਲ ਰੁਜ਼ਗਾਰ ਦੀ ਘਾਟ ਪੈਦਾ ਹੋਣ ਕਾਰਨ ਦੇਸ਼ ਦਾ ਪੜਿ੍ਹਆ ਲਿਖਿਆ ਨੌਜਵਾਨ ਵਿਦੇਸ਼ਾਂ ਨੂੰ ਕੂਚ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀ ਵਿਰੋਧੀ ਬਿੱਲ ਤੁਰੰਤ ਵਾਪਸ ਲਏ ਜਾਣ ਤੇ ਬਿਜਲੀ ਸੋਧ ਬਿੱਲ 2020 ਸਮੇਤ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਫੈਸਲੇ ਵਾਪਸ ਲਏ ਜਾਣ। ਇਸ ਮੌਕੇ ਐਂਪਲਾਈਜ਼ ਫੈਡਰੇਸ਼ਨ ਦੇ ਗੁਰਜੀਤ ਸਿੰਘ, ਕੁਲਵੀਰ ਸਿੰਘ ਜੇਈ, ਪਰਮਜੀਤ ਸਿੰਘ ਜੇਈ, ਲਵਦੀਪ ਸਿੰਘ, ਗੁਲਸ਼ਨ ਠਾਕੁਰ ਆਦਿ ਵੀ ਹਾਜ਼ਰ ਸਨ।