ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਪਾਜ਼ੇਟਿਵ ਮਰੀਜ਼ਾਂ 'ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ। ਬੁੱਧਵਾਰ ਆਈ 1910 ਸੈਂਪਲਾਂ ਦੀ ਰਿਪੋਰਟ 'ਚ 106 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਦਕਿ ਇਕ 75 ਸਾਲਾ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਪਾਜ਼ੇਟਿਵ ਆਏ ਕੇਸਾਂ ਵਿਚ 8 ਹੁਸ਼ਿਆਰਪੁਰ ਸ਼ਹਿਰ ਤੇ 98 ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਪਿੰਡ ਆਲਮਪੁਰ ਦੇ ਇਕ ਕੋਰੋਨਾ ਪੀੜਤ 75 ਸਾਲਾ ਬਜ਼ੁਰਗ ਵਿਅਕਤੀ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1737 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜ਼ਿਲ੍ਹੇ ਵਿਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5,787 ਤੇ ਮਰਨ ਵਾਲਿਆਂ ਦੀ ਸੰਖਿਆ 198 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੁੱਲ ਸੈਂਪਲਾਂ ਦੀ ਗਿਣਤੀ 1,40,149 ਹੋ ਗਈ ਹੈ, ਜਿਸ ਵਿਚੋਂ 1,33,998 ਸੈਂਪਲ ਨੈਗੇਟਿਵ ਪਾਏ ਹਨ, ਜਦਕਿ 1326 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 127 ਸੈਂਪਲ ਇਨਵੈਲਡ ਹਨ ਉਨ੍ਹਾਂ ਦੱਸਿਆ 249 ਕੇਸ ਐਕਟਿਵ ਹਨ, ਜਦਕਿ 5,340 ਕੋਰੋਨਾ ਪੀੜਤ ਮਰੀਜ਼ ਠੀਕ ਹੋ ਚੁੱਕੇ ਹਨ।