ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ

ਨੇੜਲੇ ਇਕ ਪਿੰਡ 'ਚ ਛੇ ਸਾਲਾਂ ਬੱਚੀ ਨਾਲ ਜਬਰ ਜਨਾਹ ਕਰਕੇ ਉਸ ਨੂੰ ਸਾੜਨ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਤੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸ਼ੁੱਕਰਵਾਰ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਵੱਲੋਂ ਚਾਰ ਲੱਖ ਰੁਪਏ ਦਾ ਚੈੱਕ ਮੁਆਵਜ਼ੇ ਵਜੋਂ ਦਿੱਤਾ। ਪੀੜਤ ਪਰਿਵਾਰ ਨਾਲ ਬੇਹੱਦ ਹੌਲਨਾਕ ਘਟਨਾ ਵਾਪਰਨ 'ਤੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਘਟਨਾ ਉਪਰੰਤ ਫ਼ੌਰੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਤੇ ਮਾਮਲੇ ਦੀ ਪੂਰੀ ਡੂੰਘਾਈ 'ਚ ਜਾਂਚ ਜਾਰੀ ਹੈ ਤੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਤੇ ਮਾਸਲੇ 'ਚ ਪਰਿਵਾਰ ਨੂੰ ਜਲਦ ਤੋਂ ਜਲਦ ਨਿਆਂ ਦਿਵਾਉਣ 'ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਗਿਲਜੀਆਂ ਤੇ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਮਾਮਲੇ ਬਾਰੇ ਪੂਰੀ ਜਾਣਕਾਰੀ ਲੈਣ ਉਪਰੰਤ ਕਾਨੂੰਨੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾ ਸਕੇ। ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਐੱਸਸੀ ਸੈੱਲ ਦੇ ਪ੍ਰਧਾਨ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ ਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।