ਹੁਸ਼ਿਆਰਪੁਰ ਪੁਲਿਸ ਦੀ ਵੱਡੀ ਕਾਰਵਾਈ: ਭਾਰੀ ਮਾਤਰਾ ’ਚ ਅਫ਼ੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਤਸਕਰ ਕਾਬੂ
ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਅਫ਼ੀਮ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
Publish Date: Tue, 28 Apr 2026 11:26 AM (IST)
Updated Date: Tue, 28 Apr 2026 11:29 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਅਫ਼ੀਮ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਯੂ.ਪੀ. ਦੇ ਵਿਅਕਤੀ ਤੋਂ ਇਕ ਕਿੱਲੋ ਤੋਂ ਵੱਧ ਅਫ਼ੀਮ ਬਰਾਮਦ
ਪੁਲਿਸ ਮੁਤਾਬਕ ਮਾਹਿਲਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨੰਗਲ ਰੋਡ ’ਤੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਏ.ਐੱਸ.ਆਈ. ਗੁਲਸ਼ਨ ਮੁਹੰਮਦ ਦੀ ਅਗਵਾਈ ਹੇਠਲੀ ਟੀਮ ਜਦੋਂ ਬਘੌਰਾ ਸਾਈਡ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਪੈਦਲ ਆ ਰਿਹਾ ਇੱਕ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਨੂੰ ਮੁੜਨ ਲੱਗਾ।
ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਘੇਰ ਕੇ ਕਾਬੂ ਕਰ ਲਿਆ। ਫੜੇ ਗਏ ਵਿਅਕਤੀ ਦੀ ਪਛਾਣ ਸੁਖਵੀਰ ਪੁੱਤਰ ਭੂਪ ਸਿੰਘ ਵਾਸੀ ਮੁਰਾਦਾਬਾਦ, ਉੱਤਰ ਪ੍ਰਦੇਸ਼, ਹਾਲ ਵਾਸੀ ਬਘੌਰਾ ਵਜੋਂ ਹੋਈ ਹੈ। ਪੁਲਿਸ ਦਾ ਦੋਸ਼ ਹੈ ਕਿ ਜਦੋਂ ਉਸ ਦੇ ਹੱਥ ਵਿੱਚ ਫੜੇ ਕਾਲੇ ਰੰਗ ਦੇ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਕਥਿਤ ਤੌਰ ’ਤੇ 1 ਕਿੱਲੋ 30 ਗ੍ਰਾਮ ਅਫ਼ੀਮ ਬਰਾਮਦ ਹੋਈ।
ਨਸ਼ੀਲੀਆਂ ਗੋਲੀਆਂ ਘਾਹ ਵਿੱਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਨਾਕਾਮ
ਥਾਣਾ ਬੁੱਲੋਵਾਲ ਦੀ ਪੁਲਿਸ ਨੇ ਸ਼ਾਮ ਚੁਰਾਸੀ-ਨੂਰਪੁਰ ਮੋੜ ਦੇ ਨਜ਼ਦੀਕ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ.ਆਈ. ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਨੂੰ ਦੇਖ ਕੇ ਆਪਣੀ ਜੇਬ ਵਿੱਚੋਂ ਇੱਕ ਲਿਫਾਫਾ ਕੱਢ ਕੇ ਨੇੜੇ ਘਾਹ ਵਿੱਚ ਸੁੱਟ ਦਿੱਤਾ ਅਤੇ ਖਿਸਕਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸੀ ਵਾਸੀ ਨੰਦਾਚੌਰ ਵਜੋਂ ਹੋਈ। ਪੁਲਿਸ ਮੁਤਾਬਕ ਜਦੋਂ ਸੁੱਟੇ ਹੋਏ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਕਥਿਤ ਤੌਰ ’ਤੇ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਬਾਈਪਾਸ 'ਤੇ ਨਸ਼ੇ ਦੀ ਹਾਲਤ ਵਿੱਚ ਘੁੰਮਦਾ ਨੌਜਵਾਨ ਕਾਬੂ
ਥਾਣਾ ਮਹੇਟੀਆਣਾ ਦੀ ਪੁਲਿਸ ਨੇ ਮੁਖਬਰ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਨਸ਼ੇ ਦੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਹੈ। ਏ.ਐੱਸ.ਆਈ. ਕੁਲਵਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਰਾਜਵਿੰਦਰ ਸਿੰਘ ਪੁੱਤਰ ਸਤਪਾਲ ਵਾਸੀ ਖਨੌੜਾ, ਜੋ ਕਿ ਨਸ਼ੇ ਦਾ ਆਦੀ ਹੈ, ਇਸ ਵੇਲੇ ਨਵੇਂ ਬਾਈਪਾਸ ਰੋਡ 'ਤੇ ਨਸ਼ੇ ਦੀ ਲੋਰ ਵਿੱਚ ਘੁੰਮ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਜਦੋਂ ਉਸ ਨੂੰ ਕਾਬੂ ਕੀਤਾ ਗਿਆ ਤਾਂ ਉਹ ਕਥਿਤ ਤੌਰ ’ਤੇ ਨਸ਼ੇ ਵਿੱਚ ਧੁੱਤ ਸੀ। ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਕਰਵਾਏ ਗਏ ਡੋਪ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।
ਘਰ ਦੇ ਬਾਹਰ ਬੈਠੇ ਵਿਅਕਤੀ ਦਾ ਡੋਪ ਟੈਸਟ ਨਿਕਲਿਆ ਪਾਜ਼ੀਟਿਵ
ਥਾਣਾ ਹਰਿਆਣਾ ਦੇ ਅਧੀਨ ਆਉਂਦੇ ਪਿੰਡ ਦੌਲਤਪੁਰ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੇ ਦੇ ਸੇਵਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਏ.ਐਸ.ਆਈ. ਬਲਵੀਰ ਸਿੰਘ ਜਦੋਂ ਅੱਡਾ ਦੁਸੜਕਾ ਵਿਖੇ ਮੌਜੂਦ ਸਨ, ਤਾਂ ਮੁਖਬਰ ਨੇ ਦੱਸਿਆ ਕਿ ਮੌਤਾ ਸਿੰਘ ਪੁੱਤਰ ਪ੍ਰੀਤਮ ਸਿੰਘ ਆਪਣੇ ਘਰ ਦੇ ਬਾਹਰ ਥੜੀ 'ਤੇ ਬੈਠਾ ਹੈ ਅਤੇ ਉਹ ਕਥਿਤ ਤੌਰ ’ਤੇ ਨਸ਼ੇ ਦਾ ਆਦੀ ਹੈ।
ਪੁਲਿਸ ਨੇ ਦੱਸਿਆ ਕਿ ਮੌਕੇ 'ਤੇ ਜਾ ਕੇ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ। ਡੋਪ ਟੈਸਟ ਵਿੱਚ ਨਸ਼ੇ ਦੀ ਪੁਸ਼ਟੀ ਹੋਣ ਤੋਂ ਬਾਅਦ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਸਾਰੇ ਮਾਮਲਿਆਂ ਵਿੱਚ ਸੰਬੰਧਿਤ ਧਾਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।