ਹੁਸ਼ਿਆਰਪੁਰ ਮੈਡੀਕਲ ਕਾਲਜ ਦਾ ਵਿਧਾਇਕ ਜਿੰਪਾ ਨੇ ਕਰਵਾਇਆ ਭੂਮੀ ਪੂਜਨ ਹੁਸ਼ਿਆਰਪੁਰ ਮੈਡੀਕਲ ਕਾਲਜ ਦਾ ਵਿਧਾਇਕ ਜਿੰਪਾ ਨੇ ਕਰਵਾਇਆ ਭੂਮੀ ਪੂਜਨ,
Publish Date: Wed, 25 Nov 2026 04:57 PM (IST)
Updated Date: Wed, 25 Nov 2026 04:58 PM (IST)
ਨਿਰਮਾਣ ਕਾਰਜ 2028 ਤੱਕ ਹੋਵੇਗਾ ਪੂਰਾ, 350 ਬੈੱਡਾਂ ਵਾਲਾ ਆਧੁਨਿਕ ਹਸਪਤਾਲ ਵੀ ਹੋਵੇਗਾ ਤਿਆਰ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੈਂਪਸ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ਦੇ ਭੂਮੀ ਪੂਜਨ ਦੀ ਸ਼ੁਰੂਆਤ ਕਰਵਾ ਕੇ ਇਸ ਦੇ ਨਿਰਮਾਣ ਦਾ ਰਸਤਾ ਖ਼ੋਹਲ ਦਿੱਤਾ। । ਉਨ੍ਹਾਂ ਦੱਸਿਆ ਕਿ ਕਰੀਬ 276 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨਿਰਮਾਣ ਕਾਰਜ ਸਾਲ 2028 ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਜ਼ਿਲ੍ਹੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਤੇ ਚਿਰਾਂ ਤੋਂ ਦੇਖਿਆ ਜਾ ਰਿਹਾ ਸੁਪਨਾ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਨਾ ਸਿਰਫ਼ ਹੁਸ਼ਿਆਰਪੁਰ, ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੀ ਬਿਹਤਰ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪੂਰੇ ਪ੍ਰੋਜੈਕਟ ’ਤੇ ਲਗਭਗ 276 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚੋਂ ਕਰੀਬ 146 ਕਰੋੜ ਰੁਪਏ 350 ਬੈੱਡਾਂ ਦੀ ਸਮਰੱਥਾ ਵਾਲੇ ਆਧੁਨਿਕ ਹਸਪਤਾਲ ਦੇ ਨਿਰਮਾਣ ’ਤੇ ਖਰਚ ਹੋਣਗੇ। ਬਾਕੀ ਰਕਮ ਨਾਲ ਮੈਡੀਕਲ ਕਾਲਜ ਦੀ ਇਮਾਰਤ, ਵਿਦਿਆਰਥੀਆਂ ਲਈ ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਨਿਰਮਾਣ ਕੀਤਾ ਜਾਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਇੱਥੇ ਵੱਖ-ਵੱਖ ਮਾਹਿਰ ਡਾਕਟਰੀ ਸੇਵਾਵਾਂ ਅਤੇ ਬਿਹਤਰ ਇਲਾਜ ਦੀਆਂ ਸਹੂਲਤਾਂ ਉਪਲਬੱਧ ਕਰਵਾਉਣ ਦਾ ਪ੍ਰਬੰਧ ਹੋਵੇਗਾ। ਇਸ ਨਾਲ ਮਰੀਜ਼ਾਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਬਿਹਤਰ ਸਿਹਤ ਸੇਵਾਵਾਂ ਮਿਲ ਸਕਣਗੀਆਂ ਅਤੇ ਸਮੇਂ ਸਿਰ ਇਲਾਜ ਕਰਵਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਲਾਭ ਸਿਰਫ਼ ਮਰੀਜ਼ਾਂ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਜ਼ਿਲ੍ਹੇ ਦੇ ਨੌਜਵਾਨਾਂ ਲਈ ਵੀ ਸਿੱਖਿਆ ਦੇ ਨਵੇਂ ਮੌਕੇ ਖੁੱਲ੍ਹਣਗੇ। ਜਿੰਪਾ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਹੁਸ਼ਿਆਰਪੁਰ ਮੈਡੀਕਲ ਕਾਲਜ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰੋਜੈਕਟ ਹੈ, ਜੋ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਪੈਦਾ ਕਰੇਗਾ। ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਸਿਵਲ ਸਰਜਨ ਡਾ. ਮਨਦੀਪ ਕਮਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ, ਐਸ.ਐਮ.ਓ. ਡਾ. ਨਵਜੋਤ, ਐਕਸੀਅਨ ਸੁਖਚੈਨ ਸਿੰਘ, ਸਮੂਹ ਕੌਂਸਲਰਾਂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।