ਖੇਡਾਂ ਵਤਨ ਪੰਜਾਬ ਦੀਆਂ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਬੈਠਕ ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ
Publish Date: Thu, 26 Nov 2026 04:58 PM (IST)
Updated Date: Thu, 26 Nov 2026 04:58 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਨੇ ਅੱਜ ਲਾਜਵੰਤੀ ਸਟੇਡੀਅਮ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ 29 ਨਵੰਬਰ ਨੂੰ ਹੋਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਪਤੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪ੍ਰਸਿੱਧ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਦੀ ਪੇਸ਼ਕਾਰੀ ਦੇਣਗੇ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਆਵਾਜਾਈ ਪ੍ਰਬੰਧਨ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਦੀ ਤਾਇਨਾਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਮੇਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਏਡੀਸੀ (ਵਿਕਾਸ) ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਂਦੇ ਹੋਏ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਖਿਡਾਰੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰੇਕ ਪ੍ਰਬੰਧ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ। ਇਸ ਮੌਕੇ ਆਰਟੀਓ ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਿੰਦਰ ਸਿੰਘ ਬੈਂਸ, ਐਸਪੀ ਨਵਨੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।