ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਸਥਾਪਤ ਕਰਨ ਦੇ ਉਦੇਸ਼ ਨਾਲ 1 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿਚ ਵੱਖ-ਵੱਖ ਬੈਂਕਾਂ ਦੁਆਰਾ ਇਨ੍ਹਾਂ ਲਾਭਪਾਤਰੀਆਂ ਨੂੰ ਕਰੀਬ 8.25 ਕਰੋੜ ਰੁਪਏ ਦੇ ਕਰਜ਼ੇ ਉਪਲਬੱਧ ਹੋ ਜਾਣਗੇ। ਉਹ ਅੱਜ ਹੁਸ਼ਿਆਰਪੁਰ 'ਚ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਕਰਜ਼ਾ ਅਤੇ ਸਬਸਿਡੀ ਦੇ ਮਨਜ਼ੂਰੀ ਪੱਤਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ 40 ਜ਼ਰੂਰਤਮੰਦ ਲਾਭਪਾਤਰੀਆਂ ਨੂੰ 20.90 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ, ਜਿਨ੍ਹਾਂ ਵਿਚ 16.90 ਲੱਖ ਰੁਪਏ ਦੇ ਕਰਜ਼ੇ ਤੇ 4 ਲੱਖ ਰੁਪਏ ਦੀ ਸਬਸਿਡੀ ਸ਼ਾਮਲ ਹੈ।

ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਇਹ ਪ੍ਰਰਾਪਤੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਯਤਨਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦੇ ਕਾਰਨ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੋਵਿਡ-19 ਦੇ ਮਹਾਮਾਰੀ ਦੇ ਦੌਰ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਵਿੱਤੀ ਸਾਲ ਦੇ ਦੌਰਾਨ ਸ਼ੇਅਰ ਕੈਪੀਟਲ ਤੇ ਸਬਸਿਡੀ ਦੇ ਕੁੱਲ 792.53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਭਵਿੱਖ ਵਿਚ ਕਰੀਬ 170 ਲੱਖ ਰੁਪਏ ਹੋਰ ਜਾਰੀ ਹੋਣ ਦੀ ਉਮੀਦ ਹੈ।

ਮੋਹਨ ਲਾਲ ਸੂਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਰੀ ਦੇ 14260 ਗਰੀਬ ਕਰਜ਼ਾ ਧਾਰਕਾਂ ਦੇ 50 ਹਜ਼ਾਰ ਰੁਪਏ ਤਕ ਦੇ ਕਰਜ਼ੇ ਮਾਫ਼ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਇਸ ਤੋਂ ਇਲਾਵਾ ਹੋਰ ਵੱਖ-ਵੱਖ ਯੋਜਨਾਵਾਂ ਤਹਿਤ ਹੁਣ ਤਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅਖੀਰ ਤਕ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ਾ ਮੁਹੱਈਆ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸ਼ਨ ਵੱਲੋਂ ਕਰਜ਼ਾ ਵੰਡਣ ਦੇ ਨਾਲ-ਨਾਲ ਹੁਣ ਤਕ 811.46 ਲੱਖ ਰੁਪਏ ਕਰਜ਼ੇ ਦੀ ਵਸੂਲੀ ਵੀ ਕੀਤੀ ਗਈ ਹੈ, ਜੋ ਕਿ ਸ਼ਲਾਘਾਯੋਗ ਹੈ।

ਇਸ ਮੌਕੇ ਜ਼ਿਲ੍ਹਾ ਮੈਨੇਜਰ ਵਿਜੇ ਕੁਮਾਰ, ਸਹਾਇਕ ਜ਼ਿਲ੍ਹਾ ਮੈਨੇਜਰ ਨਰੇਸ਼ਵਰ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਰਾਜ ਰਾਣੀ, ਸਰਪੰਚ ਬਹਿ ਜੁਗਣ ਕੁਰਾੜੀ, ਸਰਪੰਚ ਤਨੂਲੀ ਅਤੇ ਹੋਰ ਲਾਭਪਾਤਰੀ ਵੀ ਮੌਜੂਦ ਸਨ।