ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦਾ ਦਿੱਤਾ ਸੱਦਾ ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦਾ ਦਿੱਤਾ ਸੱਦਾ
Publish Date: Fri, 04 Sep 2026 07:11 PM (IST)
Updated Date: Fri, 04 Sep 2026 07:13 PM (IST)
- ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਦਾ ਮੁੱਢ ਬੱਝਾ : ਬ੍ਰਹਮ ਸ਼ੰਕਰ ਜਿੰਪਾ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਕੋਆਰਡੀਨੇਟਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁਹਿੰਮ ਨੇ ਨਸ਼ਿਆਂ ਖ਼ਿਲਾਫ਼ ਅਸਰਦਾਰ ਭੂਮਿਕਾ ਨਿਭਾਈ ਹੈ ਜਿਸ ਨਾਲ ਨਸ਼ਿਆਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਈ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਸਮੇਂ-ਸਮੇਂ ਸਿਰ ਅਹਿਮ ਜਾਣਕਾਰੀਆਂ ਦੇ ਕੇ ਉਸਾਰੂ ਰੋਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਖਾਤਮੇ ਲਈ ਪੂਰੇ ਅਧਿਕਾਰ ਦਿੱਤੇ ਗਏ ਹਨ, ਜਿਸ ਨਾਲ ਸਮੱਗਲਿੰਗ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੱਡੀਆਂ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁਟ ਹੋ ਕੇ ਇਸ ਸਮਾਜਿਕ ਅਲਾਮਤ ਖ਼ਿਲਾਫ਼ ਡਟਣਾ ਚਾਹੀਦਾ ਹੈ ਤਾਂ ਜੋ ਸੂਬੇ ਵਿਚੋਂ ਨਸ਼ਿਆਂ ਦਾ ਪੂਰਨ ਸਫਾਈਆ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਨਾਲ-ਨਾਲ ਪੰਜਾਬ ਸਰਕਾਰ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਚੁੱਕੇ ਲੋਕਾਂ ਦੇ ਪ੍ਰਭਾਵਸ਼ਾਲੀ ਮੁੜ ਵਸੇਬੇ ਲਈ ਵੀ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਦਾ ਮੁੱਢ ਬੱਝਾ ਹੈ ਅਤੇ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਬਹੁਤ ਸਾਰਥਕ ਰਿਹਾ ਹੈ। ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 1942 ਮਾਮਲੇ ਦਰਜ ਕਰ ਕੇ 2596 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 22 ਕਿਲੋ ਤੋਂ ਵੱਧ ਹੈਰੋਇਨ, 14 ਕਿਲੋ ਤੋਂ ਵੱਧ ਅਫੀਮ, 2 ਕੁਇੰਟਲ ਦੇ ਕਰੀਬ ਚੂਰਾ ਪੋਸਤ, 263110 ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕਰਨ ਤੋਂ ਇਲਾਵਾ 28 ਲੱਖ ਰੁਪਏ ਤੋਂ ਵੱਧ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਮੀਣਾ, ਮੁਕੇਰੀਆਂ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਐੱਸਪੀ ਸੰਦੀਪ ਸਿੰਘ ਮੰਡ, ਸਹਾਇਕ ਕਮਿਸ਼ਨਰ ਸੁਮਿਤ ਮੁੱਧ, ਸਮੂਹ ਐੱਸਡੀਐੱਮਜ਼, ਡੀਐੱਸਪੀਜ਼, ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।