ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਕਰੀਬ 12 ਆਗੂਆਂ ਵਿਰੁੱਧ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਆਗੂਆਂ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਵੱਲੋਂ 10 ਸਾਲ ਪਹਿਲਾਂ ਦਾਇਰ ਮੁਕੱਦਮੇ ਸਬੰਧੀ ਸੁਣਵਾਈ ਸਿਵਲ ਜੱਜ ਮੋਨਿਕਾ ਸ਼ਰਮਾ ਦੀ ਅਦਾਲਤ 'ਚ ਹੋਈ।

ਉਕਤ ਲੀਡਰਾਂ ਵਿਰੁੱਧ ਧੋਖਾਧੜੀ, ਜਾਲਸਾਜ਼ੀ ਤੇ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਚੱਲ ਰਿਹਾ ਹੈ। ਸ਼ਿਕਾਇਤਕਰਤਾ ਦੇ ਵਕੀਲ ਹਿਤੇਸ਼ ਪੁਰੀ ਨੇ ਦੱਸਿਆ ਕਿ ਅਦਾਲਤ 'ਚ ਭਾਰਤ ਦੇ ਚੋਣ ਕਮਿਸ਼ਨ, ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ, ਅਕਾਲੀ ਦਲ ਦੇ ਸਕੱਤਰ ਚਰਨਜੀਤ ਸਿੰਘ ਬਰਾੜ, ਸਾਬਕਾ ਸਕੱਤਰ ਮਨਜੀਤ ਸਿੰਘ ਤਰਨਤਾਰਨੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਡਾਇਰੈਕਟੋਰੇਟ ਗੁਰਦੁਆਰਾ ਚੋਣਾਂ ਦਿੱਲੀ ਸਰਕਾਰ ਦੇ ਅਧਿਕਾਰੀ ਰਿਕਾਰਡ ਪੇਸ਼ ਕਰ ਕੇ ਬਿਆਨ ਦਰਜ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 9 ਅਕਤੂਬਰ ਨੂੰ ਉੱਘੇ ਵਕੀਲ ਬੀਐੱਸ ਰਿਆੜ ਬਹਿਸ ਕਰਨਗੇ ਅਤੇ ਮੁਲਜ਼ਮਾਂ ਨੂੰ ਤਲਬ ਕਰਨ ਲਈ ਬੇਨਤੀ ਕਰਨਗੇ।