ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਗੜ੍ਹਸ਼ੰਕਰ ਸ਼ਹਿਰ 'ਚ ਸ਼ਨਿੱਚਰਵਾਰ ਰਾਤ ਕਰੀਬ 7.30 ਵਜੇ ਬੰਗਾ ਰੋਡ ਸਥਿਤ ਇੱਕ ਮੀਟ ਦੀ ਦੁਕਾਨ ਤੇ ਮੀਟ ਲੈਣ ਆਏ ਦੋ ਨੌਜਵਾਨਾਂ 'ਤੇ ਅੱਧੀ ਦਰਜਨ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਇਕ ਨੌਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।

ਹਮਲੇ ਦੌਰਾਨ ਜ਼ਖ਼ਮੀ ਹੋਏ ਕਰਨਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਮੋਰਾਂਵਾਲੀ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਆਪਣੀ ਅਲਟੋ ਕਾਰ 'ਚ ਸਵਾਰ ਹੋ ਕੇ ਮੀਟ ਲੈਣ ਆਏ ਸਨ। ਹਮਲਾਵਰਾਂ ਨੇ ਦੁਕਾਨ ਦੇ ਅੰਦਰ ਹੀ ਉਸ ਉੱਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਦੇ ਆਪਣੇ ਪਿੰਡ ਦੇ ਨੌਜਵਾਨਾਂ ਨਾਲ ਬਹਿਸਬਾਜ਼ੀ ਹੋਈ ਸੀ ਜਿਸ ਕਾਰਨ ਉਨ੍ਹਾਂ ਨੇ ਉਸ ਉੱਤੇ ਹਮਲਾ ਕੀਤਾ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੀ ਕਾਰ ਦੇ ਸ਼ੀਸ਼ੇ ਵੀ ਤੋੜ ਦਿੱਤੇ। ਜੀਤ ਮੀਟ ਸਾਪ ਦੇ ਮਾਲਕ ਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਦੁਕਾਨ ਤੇ ਦੋ ਨੌਜਵਾਨ ਮੀਟ ਲੈਣ ਆਏ ਸਨ। ਇਸ ਦੌਰਾਨ ਉਨ੍ਹਾਂ ਦੇ ਪਿੱਛੋਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜਿਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ ਗਿਆ। ਉਸ ਨੇ ਦੱਸਿਆ ਕਿ ਉਸ ਦੀ ਦੁਕਾਨ ਦੇ ਸਾਰੇ ਸ਼ੀਸ਼ੇ ਭੰਨੇ ਦਿੱਤੇ ਜਿਸ ਕਾਰਨ ਉਸ ਦਾ ਕਾਫੀ ਨੁਕਸਾਨ ਹੋ ਗਿਆ। ਉਸਨੇ ਖੁਦ ਭੱਜ ਕੇ ਆਪਣੀ ਜਾਨ ਬਚਾਈ। ਐਸ ਆਈ ਸੁਭਾਸ਼ ਚੰਦਰ ਨੇ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।